ਐਸ.ਏ.ਐਸ ਨਗਰ 23 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ, ਫੇਜ਼-6 ਐਸ.ਏ.ਐਸ ਨਗਰ ਵਿਖੇ ਹੋਵੇਗਾ ਜਦ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਥੀਮ "ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ੇਅਰ" ਨਿਸ਼ਚਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਉਸ ਦਿਨ "ਮੈਂ ਭਾਰਤ ਹੂੰ" ਗੀਤ ਵੀ ਲਾਂਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗਦਾਰੀ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ 2023 ਨੂੰ ਦੁਪਹਿਰ 2:00 ਵਜੇ ਵੋਟ ਪ੍ਰਣ ਲਿਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ), ਬੈਸਟ ਸੁਪਰਵਾਈਜਰ ਅਤੇ ਬੈਸਟ ਬੀ.ਐੱਲ.ਓ. ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।
No comments:
Post a Comment