SBP GROUP

SBP GROUP

Search This Blog

Total Pageviews

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਐਸ ਏ ਐਸ ਨਗਰ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ।


ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁਕਵੀਂ ਸ਼ਰਧਾਂਜਲੀ ਦਿੱਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਤੇ ਵਿਦੇਸ਼ਾਂ ਵਿੱਚ ਸਫ਼ਰ ਕਰਦੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਬਾਰੇ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ-ਨਾਲ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਯਾਤਰੀਆਂ ਨੂੰ ਵੀ ਇਸ ਨੌਜਵਾਨ ਕੌਮੀ ਨਾਇਕ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ, ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਹਾਮੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਵਿਚਾਰਧਾਰਾ ਨਾਲ ਹੀ ਭਾਰਤ ਨੂੰ ਵਿਸ਼ਵ ਦਾ ਮੋਹਰੀ ਮੁਲਕ ਬਣਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਨਾ ਸਿਰਫ਼ ਇਕ ਨਾਇਕ ਵਜੋਂ ਸਗੋਂ ਉਨ੍ਹਾਂ ਦੇ ਸਮਾਜਵਾਦ ਅਤੇ ਨਾਇਨਸਾਫ਼ੀ ਵਿਰੁੱਧ ਜੂਝਣ ਦੇ ਫਲਸਫ਼ੇ ਕਾਰਨ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਸ਼ਹੀਦ ਦਾ ਜੀਵਨ ਤੇ ਫਲਸਫ਼ਾ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger