ਮੋਰਿੰਡਾ 22 ਜਨਵਰੀ : ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਲਗਾਈ ਪਾਬੰਦੀ ਉਪਰੰਤ ਵੀ ਇਸ ਦੇ ਲਗਾਤਾਰ ਵਿਕਰੀ ਹੋਣ ਅਤੇ ਇਸ ਡੋਰ ਨਾਲ ਲਗਾਤਾਰ ਹਾਦਸੇ ਵਾਪਰਨ ਦੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਵਿਚ ਚਾਈਨਾ ਡੋਰ ਵੇਚਣ ਵਾਲਿਆਂ ਦੀ ਚੈਕਿੰਗ ਕੀਤੀ ਗਈ । ਇਸ ਟੀਮ ਵਿੱਚ ਹੋਰਨਾਂ ਤੋਂ ਬਿਨਾਂ ਜਤਿੰਦਰ ਕੁਮਾਰ ਕਲਰਕ , ਗੁਰਲਾਲ ਸਿੰਘ , ਹਰਸੇਵਕ ਸਿੰਘ ਅਤੇ ਲਕਸ਼ੇ ਮਾਲੜਾ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਚਾਇਨਾ ਡੋਰ ਨਾਲ ਹੋ ਰਹੇ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਵੱਲੋਂ ਇਸ ਡੋਰ ਦੀ ਵਰਤੋਂ ਅਤੇ ਰੱਖਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਰੱਖੀ ਹੈ । ਉਨ੍ਹਾਂ ਦੱਸਿਆ ਕਿ ਜਿਲੇ ਦੀ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਹਿੱਤ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮੌਜੂਦ ਪਤੰਗਾਂ ਦੀਆਂ ਦੁਕਾਨਾਂ ਉੱਤੇ ਉਚੇਚੇ ਤੌਰ ਤੇ ਨਿਰੀਖਣ ਕੀਤਾ ਗਿਆ, ਪ੍ਰੰਤੂ ਕਿਸੇ ਵੀ ਦੁਕਾਨਦਾਰ ਕੋਲੋਂ ਚਾਇਨਾ ਡੋਰ ਨਹੀਂ ਮਿਲੀ , ਉਨ੍ਹਾਂ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਸ੍ਰੀ ਸਿੱਧੂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਵਾਲੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨ। ਉਹਨਾਂ ਦੱਸਿਆ ਕਿ ਇਸ ਚਾਇਨਾ ਡੋਰ ਦੀ ਵਰਤੋਂ ਨਾਲ ਜਿੱਥੇ ਬਹੁਤ ਸਾਰੀਆਂ ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਇਸ ਡੋਰ ਕਾਰਨ ਬਹੁਤ ਸਾਰੇ ਪੰਛੀ ਵੀ ਮਾਰੇ ਗਏ ਹਨ । ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਨਗਰ ਕੌਂਸਲ ਦੀ ਟੀਮ ਵੱਲੋਂ ਚੈਕਿੰਗ ਜਾਰੀ ਰੱਖੀ ਜਾਵੇਗੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੋਰਿੰਡਾ ਸਿਟੀ ਪੁਲਿਸ ਵੱਲੋਂ ਵੀ ਚਾਈਨਾ ਡੋਰ ਦੀ ਵਰਤੋਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 6 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਜਾ ਚੁੱਕੇ ਹਨ।
No comments:
Post a Comment