ਚੰਡੀਗੜ੍ਹ, 6 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਗ੍ਰਾਟਾਂ ਵੰਡਣ ਦੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਵਿਚ ਮੌਜੂਦਾ ਬੁਨਿਆਦੀ ਢਾਂਚੇ, ਵਾਤਾਵਰਨ ਵਿਚ ਸੁਧਾਰ ਅਤੇ ਗਰੀਬਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਗਰਾਂਟਾਂ ਦੀ ਵੰਡ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਵਿੱਤੀ ਸਾਲ ਵਿਚ ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 5 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਦਾ ਅਖਤਿਆਰੀ ਕੋਟਾ 1.50 ਕਰੋੜ ਰੁਪਏ ਹੋਵੇਗਾ।
ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।
No comments:
Post a Comment