SBP GROUP

SBP GROUP

Search This Blog

Total Pageviews

ਆਮ ਆਦਮੀ ਕਲੀਨਿਕਸ ਦੇ ਰੂਪ ਵਿਚ ਪੰਜਾਬ ਸਰਕਾਰ ਨੇ ਸਿਰਜਿਆ ਇਤਿਹਾਸ: ਵਿਧਾਇਕ ਕੁਲਵੰਤ ਸਿੰਘ

ਐੱਸ.ਏ.ਐੱਸ. ਨਗਰ, 27 ਜਨਵਰੀ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੁਤੰਤਰਤਾ ਦਿਵਸ ਮੌਕੇ ਅਤੇ ਹੁਣ ਗਣਤੰਤਰ ਦਿਵਸ ਤੋਂ ਇਕ ਦਿਨ ਬਾਅਦ ਸੈਂਕੜਿਆਂ ਦੀ ਗਿਣਤੀ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ। ਇਹ ਗੱਲ ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਫੇਜ਼- 11 ਵਿਖੇ ਸਥਾਪਤ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ।


ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਭਰ ਵਿਚ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਇਸ ਮੌਕੇ ਉਹਨਾਂ ਨੇ ਬਾਰੀਕੀ ਨਾਲ ਕਲੀਨਿਕ ਦਾ ਜਾਇਜ਼ਾ ਲਿਆ ਤੇ ਸਟਾਫ਼ ਨਾਲ ਗੱਲਬਾਤ ਕੀਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਲੋਕਾਂ ਨੂੰ ਜਿਹੜੀਆਂ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਤਹਿਤ ਇਹ ਕਲੀਨਿਕ ਖੋਲ੍ਹੇ ਜਾ ਰਹੇ ਹਨ। ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਗਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਵੱਡੀ ਗਿਣਤੀ ਦਵਾਈਆਂ ਤੇ ਕਲੀਨਿਕਲ ਟੈਸਟ ਦੀ ਸਹੂਲਤ ਲੋਕਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਹੈ।  



ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੜਾਅਵਾਰ ਇਹ ਕਲੀਨਿਕ ਪਿੰਡ-ਪਿੰਡ ਖੋਲ੍ਹ ਦਿੱਤੇ ਜਾਣੇ ਹਨ। ਵਿਧਾਇਕ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ। ਸਿਹਤ ਸਹੂਲਤਾਂ ਪੱਖੋਂ ਪੰਜਾਬ ਪੂਰੇ ਦੇਸ਼ ਵਿੱਚੋਂ ਮੋਹਰੀ ਬਣ ਕੇ ਉਭਰੇਗਾ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖੋ-ਵੱਖ ਵਿਭਾਗਾਂ ਵਿਚ ਭਰਤੀ ਲਗਾਤਾਰ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਅਦਾਰੇ ਤੇ ਸੰਸਥਾ ਵਿਚ ਸਟਾਫ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਲੋਕਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਹੋਣਗੀਆਂ।

ਇਸ ਮੌਕੇ ਉਹਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਆਮ ਆਦਮੀ ਕਲੀਨਿਕਸ ਲੋਕ ਅਰਪਣ ਕਰਨ ਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਸੂਬਾ ਪੱਧਰੀ ਸਮਾਗਮ ਵੀ ਆਨਲਾਈਨ ਦੇਖਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹਨਾਂ ਕਲੀਨਿਕਸ ਦੇ ਰੂਪ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਨੇੜੇ ਹੀ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਲੀਨਿਕਸ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐੱਸ. ਡੀ. ਐੱਮ. ਮੋਹਾਲੀ ਸਰਬਜੀਤ ਕੌਰ, ਸੀਨੀਅਰ ਆਗੂ ਮਾਲਵਿੰਦਰ ਸਿੰਘ ਕੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

No comments:


Wikipedia

Search results

Powered By Blogger