SBP GROUP

SBP GROUP

Search This Blog

Total Pageviews

ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਚੇਤਨਾ ਰੈਲੀ

ਮਾਂ-ਬੋਲੀ ਨੂੰ ਪ੍ਰਫੁੱਲਿਤ ਕਰਨ ਦਾ ਅਹਿਦ

ਐੱਸ.ਏ.ਐੱਸ. ਨਗਰ, 21 ਫਰਵਰੀ : ਕੌਮਾਂਤਰੀ ਮਾਤ ਭਾਸ਼ਾ ਦਿਹਾੜੇ  'ਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਚੇਤਨਾ ਰੈਲੀ ਕੱਢੀ ਗਈ। ਇਸ ਚੇਤਨਾ ਰੈਲੀ ਨੂੰ ਹਰੀ ਝੰਡੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਦਿੱਤੀ ਗਈ ਅਤੇ ਚੇਤਨਾ ਰੈਲੀ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ 'ਤੇ ਸਹਾਇਕ ਕਮਿਸ਼ਨਰ  ਇੰਦਰਪਾਲ ਵੱਲੋਂ ਸਵਾਗਤ ਕੀਤਾ ਗਿਆ। ਸਮੂਹ ਹਾਜ਼ਰ ਸ਼ਖਸੀਅਤਾਂ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ 'ਤੇ ਸਮੁੱਚਾ ਕੰਮਕਾਜ ਪੰਜਾਬੀ ਵਿੱਚ ਕਰਨ ਦਾ ਅਹਿਦ ਲਿਆ ਗਿਆ। ਰੈਲੀ ਵਿੱਚ ਸ਼ਾਮਲ ਸਮੂਹ ਪਤਵੰਤਿਆਂ ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਲੱਡੂ ਵੀ ਵੰਡੇ ਗਏ। ਰੈਲੀ ਉਪਰੰਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ 'ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ (ਸਾਬਕਾ ਰਜਿਸਟਰਾਰ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ) ਵੱਲੋਂ ਕੀਤੀ ਗਈ। ਪ੍ਰਮੁੱਖ ਵਕਤਾ ਵਜੋਂ ਡਾ. ਸੀ. ਪੀ. ਕੰਬੋਜ (ਸਹਾਇਕ ਪ੍ਰੋਫ਼ੈਸਰ ਅਤੇ ਕੰਪਿਊਟਰ ਲੇਖਕ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੱਲੋਂ ਸ਼ਿਰਕਤ ਕੀਤੀ ਗਈ। ਸ਼੍ਰੀ ਦਰਸ਼ਨ ਸਿੰਘ ਢਿੱਲੋਂ (ਇੰਗਲੈਂਡ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।



ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਜਿੱਥੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਗਿਆ ਕਿ ਇਸ ਦਿਨ ਨੂੰ ਯੂਨੈਸਕੋ ਵੱਲੋਂ 17 ਨਵੰਬਰ, 1999 ਵਿੱਚ ਪਾਸ ਕੀਤੇ ਗਏ ਇੱਕ ਮਤੇ ਰਾਹੀਂ 'ਕੌਮਾਂਤਰੀ ਮਾਂ-ਬੋਲੀ ਦਿਹਾੜੇ' ਵਜੋਂ ਐਲਾਨਿਆ ਗਿਆ ਸੀ। ਉਨ੍ਹਾਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਸਮਾਗਮ ਦੀ ਰੂਪ-ਰੇਖਾ ਸਾਂਝੀ ਕੀਤੀ ਗਈ।

ਇਸ ਉਪਰੰਤ ਪ੍ਰਮੁੱਖ ਵਕਤਾ ਡਾ. ਸੀ. ਪੀ. ਕੰਬੋਜ ਵੱਲੋਂ 'ਪੰਜਾਬੀ ਭਾਸ਼ਾ ਦੀ ਕੰਪਿਊਟਰਕਾਰੀ: ਸਥਿਤੀ, ਚੁਣੌਤੀਆਂ ਅਤੇ ਹੱਲ' ਵਿਸ਼ੇ 'ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਕਿਹਾ ਗਿਆ ਕਿ ਅਜੋਕੇ ਸਮੇਂ ਵਿੱਚ ਜੇਕਰ ਕੋਈ ਭਾਸ਼ਾ ਕੰਪਿਊਟਰ ਦੇ ਹਾਣ ਦੀ ਨਹੀਂ ਹੁੰਦੀ ਤਾਂ ਉਹ ਖਤਮ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਫੌਂਟਾਂ ਬਾਰੇ ਤਰਤੀਬਬੱਧ ਢੰਗ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਕੰਪਿਊਟਰ ਦੀ ਤਕਨੀਕ ਨਾਲ ਜੁੜ ਕੇ ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕਦਮ ਚੁੱਕਣੇ ਚਾਹੀਦੇ ਹਨ।

ਡਾ. ਸ਼ਿੰਦਰਪਾਲ ਸਿੰਘ ਵੱਲੋਂ ਮਾਤ ਭਾਸ਼ਾ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਗਿਆ ਕਿ ਪੰਜਾਬੀ ਮਾਂ-ਬੋਲੀ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸਲਾਹੁਣਯੋਗ ਹਨ। ਸ਼੍ਰੀ ਦਰਸ਼ਨ ਸਿੰਘ ਢਿੱਲੋਂ ਵੱਲੋਂ ਦ੍ਰਿੜ੍ਹਤਾ ਨਾਲ ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਢਿੱਲੋਂ ਵੱਲੋਂ ਬਾਬੂ ਰਜਬ ਅਲੀ ਦੀ ਰਚਨਾ ਅਤੇ ਡਾ. ਸੁਨੀਤਾ ਰਾਣੀ ਵੱਲੋਂ ਮਾਂ-ਬੋਲੀ ਪੰਜਾਬੀ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਪ੍ਰਧਾਨਗੀ ਮੰਡਲ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਸੁਰਿੰਦਰ ਗਿੱਲ, ਪ੍ਰੋ. ਦਿਲਬਾਗ ਸਿੰਘ, ਜਤਿੰਦਰਪਾਲ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਕਈ ਹੋਰ ਨਾਮਵਰ ਸ਼ਖ਼ਸੀਅਤਾਂ ਵੱਲੋਂ ਭਾਗ ਲਿਆ ਗਿਆ । ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਇਸ ਸ਼ੁਭ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

No comments:


Wikipedia

Search results

Powered By Blogger