ਐਸ.ਏ.ਐਸ. ਨਗਰ, 28 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾ, ਪਖਾਨਿਆਂ, ਛਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
ਪਿੰਡਾਂ ਵਿੱਚ ‘ਅੰਮ੍ਰਿਤ ਸਰੋਵਰ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਤੋਂ ਵੱਧ ਕੰਮ ਕਰਨ ’ਤੇ ਜ਼ੋਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਸ੍ਰੀਮਤੀ ਆਸ਼ਿਕਾ ਜੈਨ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਨਹੀ ਕਿਹਾ। ਉਨ੍ਹਾਂ ਨੇ ਮਗਨਰੇਗਾ ਤਹਿਤ ਸ਼ੁਰੂ ਕੀਤੇ ਪ੍ਰੋਜੈਕਟਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ ਖੁਦ ਨਿਗਰਾਨੀ ਕਰਨ ਨਿਰਦੇਸ਼ ਦਿੱਤੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪਿੰਡਾਂ ਦੀ ਸਾਫ ਸਫਾਈ ਉਨ੍ਹਾਂ ਦਾ ਮੁੱਖ ਮਕਸਦ ਹੈ ਜਿਸ ਵਾਸਤੇ ਜ਼ਿਲ੍ਹੇ ਦੇ ਬੀ.ਡੀ.ਓਜ਼ ਖੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿਚ ਬਦਲਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਬੀ.ਡੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਨੀਤ ਕੌਰ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
No comments:
Post a Comment