ਐਸ.ਏ.ਐਸ.ਨਗਰ, 20 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਪਏ ਮਾਮਲੇ ਜਲਦੀ ਤੋਂ ਜਲਦੀ ਹੱਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸਥਾਨਿਕ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਕਾਰਜ ਵਿਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਆਖਿਆ । ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਵੀ ਇਸ ਸੰਬਧੀ ਸਮੇਂ ਸਮੇਂ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਬਕਾਇਆ ਪਏ ਅਦਾਲਤੀ ਕੇਸਾਂ ਦੀ ਪੈਰਵਾਈ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਉਨਾਂ ਕੋਰੋਨਾ ਮਹਾਂਮਾਰੀ ਦੌਰਾਨ ਖ਼ਰਚ ਹੋਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਜ਼ਿਲੇ ਵਿਚ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਦੇ ਠੋਸ ਉਪਰਾਲੇ ਕੀਤੇ ਜਾਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਵਧੇਰੇ ਚੌਕਸੀ ਰੱਖਣ ਲਈ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਹੜਾਂ ਦੀ ਰੋਕਥਾਮ ਲਈ ਚੱਲ ਰਹੇ ਕਾਰਜਾਂ ਦਾ ਖੁਦ ਜਾਇਜ਼ਾ ਲੈ ਕੇ ਅਗੇਤੇ ਤੌਰ ਤੇ ਨਿਗਰਾਨੀ ਕੀਤੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਰੱਖਦੇ ਹੋਏ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ । ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।
ਮੀਟਿੰਗ ਵਿੱਚ ਸ੍ਰੀਮਤੀ ਅਮਰਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਤਰਸੇਮ ਚੰਦ ਸਹਾਇਕ ਕਮਿਸ਼ਨਰ (ਜ), ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਮੋਹਾਲੀ, ਰਵਿੰਦਰ ਸਿੰਘ ਐੱਸ ਡੀ ਐੱਮ ਖਰੜ, ਹਿਮਾਂਸ਼ੂ ਗੁਪਤਾ ਐਸ.ਡੀ.ਐਮ. ਡੇਰਾਬੱਸੀ, ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।
No comments:
Post a Comment