ਖਰੜ 28 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਕੰਮ ਕਾਜ ਕਰਵਾਉਣ ਦੇ ਸਬੰਧ ਵਿੱਚ ਕੋਈ ਵੀ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦਫ਼ਤਰੀ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਅੱਜ ਖਰੜ ਇਲਾਕੇ ਵਿੱਚ ਐਸ.ਡੀ.ਐਮ., ਤਹਿਸੀਲ, ਸਬ ਰਜਿਸਟਰਾਰ, ਪਟਵਾਰ ਸਰਕਲ (ਝੀਗੜਾਂ ਤੇ ਸੌਹਾੜਾ) ਮਿਉਂਸੀਪਲ ਕਮੇਟੀ ਖਰੜ ਅਤੇ ਬੀ.ਡੀ.ਪੀ.ਓ. ਦਫ਼ਤਰ ਮਾਜਰੀ ਆਦਿ ਸਰਕਾਰੀ ਦਫ਼ਤਰਾਂ ਦੇ ਨਰੀਖਣ ਅਤੇ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਤੁਰੰਤ ਯਕੀਨੀ ਬਣਾਉਣ ਲਈ ਆਖਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਦਫ਼ਤਰੀ ਕਾਰਜ ਪ੍ਰਣਾਲੀ ਵਿੱਚ ਉਚ ਪਾਰਦਰਸ਼ਿਤਾ ਤੇ ਜਵਾਬਦੇਹੀ ’ਤੇ ਯਕੀਨੀ ਬਨਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਰੱਖਦੇ ਹੋਏ ਦਫ਼ਤਰਾਂ ਦੇ ਸਾਰੇ ਅਮਲੇ ਵੱਲੋਂ ਡਿਊਟੀ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ ਜਾਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਨਾਉਣਾ ਚਾਹੁੰਦੀ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜ਼ਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਲੋਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਤਾਂ ਜੋ ਕਿਸੇ ਨੂੰ ਵੀ ਮੁਸ਼ਕਲ ਅਤੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮੇਂ ਸਿਰ ਬਿਹਤਰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਖਰੜ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਅਫ਼ਸਰ ਮੌਜੂਦ ਸਨ।
No comments:
Post a Comment