ਐੱਸ.ਏ.ਐੱਸ. ਨਗਰ, 26 ਮਾਰਚ : ਘੱਟ ਗਿਣਤੀ ਵਰਗਾਂ ਵਿੱਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਅਜੇ ਵੀ ਲੋੜ ਹੈ। ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਰਿੰਚਨ ਲਾਮੋ ਨੇ ਅੱਜ ਇੱਥੇ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਸ਼੍ਰੀਮਤੀ ਰਿੰਚਨ ਲਾਮੋ ਨੇ ਕਿਹਾ ਕਿ ਵਿਤਕਰੇ ਦੇ ਮਾਮਲਿਆਂ ਨਾਲ ਨਜਿੱਠਣ ਦੇ ਨਾਲ-ਨਾਲ ਇਹ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਡੇ ਦੇਸ਼ ਦੇ ਘੱਟ ਗਿਣਤੀ ਵਰਗਾਂ ਲਈ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇ। ਵੱਖ-ਵੱਖ ਘੱਟ ਗਿਣਤੀ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਘੱਟ ਗਿਣਤੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਨਿਸ਼ਚਿਤ ਸਮੇਂ ਵਿੱਚ ਹੱਲ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਭ ਨੂੰ ਨਾਲ ਲੈ ਕੇ ਅੱਗੇ ਵਧਣਾ ਹੈ ਤੇ ਸਭ ਨੂੰ ਇਕ ਮੁੱਠ ਹੋ ਕੇ ਚਲਣਾ ਚਾਹੀਦਾ ਹੈ। ਭਾਰਤ ਵਿੱਚ ਹਰ ਧਰਮ ਨੂੰ ਅਜ਼ਾਦੀ ਹੈ ਤੇ ਇਸ ਪੱਖ ਨੂੰ ਕਾਇਮ ਰੱਖਣ ਲਈ ਹੀ ਕਮਿਸ਼ਨ ਬਣਾਏ ਗਏ ਹਨ। ਸ਼੍ਰੀਮਤੀ ਰਿੰਚਨ ਲਾਮੋ ਨੇ ਕਿਹਾ ਕਿ ਭਾਰਤ ਸਰਕਾਰ ਨੇ ਜਿਹੜੀਆਂ ਸਕੀਮਾਂ ਦਿੱਤੀਆਂ ਹਨ, ਉਹਨਾਂ ਦਾ ਲਾਭ ਲੈਣਾ ਚਾਹੀਦਾ ਹੈ। ਸਿੱਖਿਆ ਸਬੰਧੀ ਵਖੋ-ਵੱਖੋ ਸਕਾਲਰਸ਼ਿਪ ਸਕੀਮਾਂ ਤੇ ਵੱਖੋ ਵੱਖ ਯੋਜਨਾਵਾਂ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖੋ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਦੀ ਇਹ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਇਹਨਾਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰ ਕੇ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ। ਉਹਨਾਂ ਦੱਸਿਆ ਕਿ ਸਿਵਲ ਸੇਵਾਵਾਂ ਦੀਆਂ ਤਿਆਰੀਆਂ ਸਬੰਧੀ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸਾਰੇ ਨੌਜਵਾਨਾਂ ਨੂੰ ਸਰਾਕਰੀ ਨੌਕਰੀਆਂ ਨਹੀਂ ਮਿਲਦੀਆਂ ਇਸ ਲਈ ਰੁਜ਼ਗਾਰ ਪ੍ਰਾਪਤੀ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਲਈ ਵੱਖੋ-ਵੱਖ ਸਕੀਮਾਂ ਹਨ। ਲੋੜ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਹੈ।
ਸ਼੍ਰੀਮਤੀ ਰਿੰਚਨ ਲਾਮੋ ਨੇ ਕਿਹਾ ਕਿ ਉਹ ਵੱਖੋ ਵੱਖ ਭਾਈਚਾਰਿਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਏਥੇ ਪੁੱਜੇ ਹਨ। ਉਹਨਾਂ ਨੇ ਵੱਖੋ ਵੱਖ ਭਾਈਚਾਰਿਆਂ ਤੋਂ ਉਹਨਾਂ ਦੀਆਂ ਦਿੱਕਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਹਨਾਂ ਵਿਚ ਜ਼ੀਮਾਂ ਉੱਤੇ ਕਬਜ਼ੇ ਸਬੰਧੀ ਮਸਲੇ, ਬੱਚਿਆਂ ਦੇ ਦਾਖਲੇ ਸਬੰਧੀ ਦਿਕਤਾਂ ਸਮੇਤ ਵੱਖੋ ਵੱਖ ਦਿਕਤਾਂ ਤੇ ਮਸਲੇ ਸ਼ਾਮਲ ਸਨ।
ਸ਼੍ਰੀਮਤੀ ਰਿੰਚਨ ਲਾਮੋ ਨੇ ਮੁਸ਼ਕਲਾਂ ਤੇ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਆਹਮੋ ਸਾਹਮਣੇ ਬੈਠ ਕੇ ਗੱਲ ਕਰਨ ਨਾਲ ਕਈ ਮਸਲੇ ਸਾਹਮਣੇ ਆ ਜਾਂਦੇ ਹਨ। ਜਦੋਂ ਫ਼ਾਸਲਾ ਵੱਧ ਜਾਂਦਾ ਹੈ ਤਾਂ ਕਈ ਤਰ੍ਹਾਂ ਦੇ ਮਸਲੇ ਖੜ੍ਹੇ ਹੋ ਜਾਂਦੇ ਹਨ। ਰਲ਼ ਕੇ ਬੈਠਣ ਨਾਲ ਤੇ ਗੱਲਬਾਤ ਕਰਨ ਨਾਲ ਮਸਲੇ ਹੱਲ ਹੋ ਜਾਂਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੱਧਰ ਦੀਆਂ ਮੁਸ਼ਕਲਾਂ ਤੇ ਮਸਲੇ ਹਰ ਹਾਲ ਹੱਲ ਕੀਤੀਆਂ ਜਾਣਗੀਆਂ। ਇਸ ਦੇ ਨਾਲ ਨਾਲ ਵੱਖੋ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਇੰਦਰਪਾਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਰਵਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫਸਰ ਅਤਿੰਦਰਪਾਲ ਸਿੰਘ, ਸਮੇਤ ਵੱਖੋ ਵੱਖ ਭਾਈਚਾਰਿਆਂ ਦੇ ਨੁਮਾਇੰਦੇ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
No comments:
Post a Comment