ਐਸ.ਏ.ਐਸ.ਨਗਰ, 27 ਮਾਰਚ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਅੱਜ ਸਥਾਨਿਕ ਸੈਨਿਕ ਭਵਨ ਵਿਖੇ ਸਾਬਕਾ ਫੌਜੀਆਂ ਦੀ ਭਲਾਈ ਲਈ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਜੋੜੇਮਾਜਰਾ ਨੇ ਕਿਹਾ ਕਿ ਫੌਜੀਆਂ ਵੱਲੋਂ ਸਰਹੱਦਾਂ ਦੀ ਕੀਤੀ ਜਾ ਰਹੀ ਰਾਖੀ ਦੇ ਕਾਰਨ ਹੀ ਅਸੀਂ ਸੁੱਖ ਦੀ ’ਨੀਂਦ ਸੌਂਦੇ ਹਾਂ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਮਹੱਤਵਪੂਰਨ ਸਮਾਂ ਦਿੱਤਾ ਹੈ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅਨੇਕਾਂ ਫੌਜੀਆਂ ਨੇ ਆਪਣੀ ਜਾਨ ਨਿਸ਼ਾਵਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਫੌਜੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੌਜੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਦ੍ਰਿੜ ਹੈ।
ਇਸ ਮੌਕੇ ਸ੍ਰੀ ਜੋੜੇਮਾਜਰਾ ਨੇ ਰੱਖਿਆ ਭਲਾਈ ਦੇ ਸਬੰਧ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਦੇ 74 ਲਾਭਪਾਤਰੀਆਂ ਨੂੰ 17,03,350 ਨਗਦ ਗਰਾਂਟ ਦੀ ਵੰਡ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 814 ਲਾਭਪਾਤਰੀਆਂ ਨੂੰ ਇਸ ਸਕੀਮ ਦੇ ਹੇਠ 1.82 ਕਰੋੜ ਰੁਪਏ ਦੀ ਗਰਾਂਟ ਵੰਡੀ ਜਾ ਰਹੀ ਹੈ। ਸ੍ਰੀ ਜੋੜੇਮਾਜਰਾ ਨੇ ਅਪਾਹਜ ਸਾਬਕਾ ਸੈਨਿਕਾਂ ਤੋਂ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਰਾਜ ਦੇ ਸਮੂਹ ਸਾਬਕਾ ਸੈਨਿਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਵਿਕਾਸ ਲਈ ਹਮੇਸ਼ਾ ਤੱਤਪਰ ਹੈ ਅਤੇ ਭਲਾਈ ਸਕੀਮਾਂ ਅਧੀਨ ਉਨ੍ਹਾਂ ਨੂੰ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਖ-ਵੱਖ ਲਾਭ ਦੇਣ ਲਈ ਵਚਨਬੱਧ ਹੈ। ਜਿਸ ਦੇ ਚੱਲਦਿਆਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਐਕਸ ਗ੍ਰੇਸ਼ੀਆ ਰਾਸ਼ੀ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਜਲਦੀ ਜਾਰੀ ਕੀਤੇ ਜਾਣਗੇ।
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਨਾ ਹੀ ਕਿਸੇ ਸ਼ਰਾਰਤੀ ਅੰਸਰ ਨੂੰ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਨਜਾਇਜ਼ ਪ੍ਰੇਸ਼ਾਨ ਕੀਤਾ ਜਾਵੇਗਾ। ਫ਼ਸਲਾ ਦੇ ਨੁਕਸਾਨ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਗਿਰਦਾਵਰੀ ਦਾ ਹੁਕਮ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਨੇ ਖੁਦ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਕੇ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਪਹਿਰੇਦਾਰ ਹੈ ਅਤੇ ਉਹ ਹਰ ਵੇਲੇ ਕਿਸਾਨਾਂ ਦੇ ਨਾਲ ਹੈ।
No comments:
Post a Comment