ਜਲੰਧਰ, 6 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਪੂਰੇ ਜ਼ੋਰਾਂ 'ਤੇ ਪ੍ਰਚਾਰ ਕਰ ਰਹੀ ਹੈ। ਬੁੱਧਵਾਰ ਨੂੰ, ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਪੰਜਾਬ ਨੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ। ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਹ ਖੁਦ ਵੀ ਮੁਲਾਜ਼ਮ ਯੂਨੀਅਨਾਂ ਅਤੇ ਜਥੇਬੰਦੀਆਂ ਦੇ ਨਾਲ ਖੜ੍ਹੇ ਰਹੇ ਹਨ ਅਤੇ ਇਸੇ ਕਰਕੇ ਉਨ੍ਹਾਂ ਕਾਂਗਰਸ ਤੋਂ ਆਪਣਾ ਅਹੁਦਾ ਛੱਡਿਆ ਸੀ ਕਿਉਂਕਿ ਉਸਦੇ ਆਗੂ ਮੁਲਾਜ਼ਮਾਂ ਅਤੇ ਸੇਵਾਮੁਕਤ ਪੈਨਸ਼ਨਰਾਂ ਲਈ ਕੁਝ ਵੀ ਕਰਨ ਨੂੰ ਤਿਆਰ ਨਹੀਂ ਸਨ। ਇਸ ਮੌਕੇ ਚੈਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਆਈ. ਐਸ. ਬੰਗਾ ਮੀਤ ਪ੍ਰਧਾਨ ਜਲੰਧਰ ਵਿਸ਼ੇਸ਼ ਤੌਰ ਉੱਤੇ ਹਾਜਰ ਸਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਰੁਜ਼ਗਾਰ, ਮੁਲਾਜ਼ਮ ਅਤੇ ਸੇਵਾਮੁਕਤ ਪੈਨਸ਼ਨਰ ਸਾਡੀ ਪਹਿਲ ਹਨ। ਮਾਨ ਸਰਕਾਰ ਲਗਾਤਾਰ ਰੁਜ਼ਗਾਰ ਪੈਦਾ ਕਰ ਰਹੀ ਹੈ ਅਤੇ ਇਸੇ ਤਹਿਤ ਤੀਹ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅਸੀਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਅਤੇ ਓਪੀਐਸ (ਪੁਰਾਣੀ ਪੈਨਸ਼ਨ ਸਕੀਮ) ਨੂੰ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ।
ਉਨ੍ਹਾਂ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਦਾ ਮਾਮਲਾ ਸਰਕਾਰ ਕੋਲ ਉਠਾਉਣਗੇ। ਇਸੇ ਦੌਰਾਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਜਲੰਧਰ ਸੀਟ ਲਈ ‘ਆਪ’ ਉਮੀਦਵਾਰ ਦੀ ਹਮਾਇਤ ਕਰਨਗੇ ਤਾਂ ਜੋ ਆਮ ਲੋਕਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਸੰਸਦ ਤੱਕ ਪਹੁੰਚ ਸਕੇ।
ਹਰਚੰਦ ਬਰਸਟ ਨੇ ਕਿਹਾ ਕਿ ਪਾਰਟੀ ਨੇ ਆਪਣੀਆਂ ਸਾਰੀਆਂ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਇਸ ਲਈ ਲੋਕ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸਾਡੀ ਇਮਾਨਦਾਰੀ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਉਣਗੇ ਕਿਉਂਕਿ ਲੋਕ ਜਾਣਦੇ ਹਨ ਕਿ ਸਿਰਫ 'ਆਪ' ਦੀਆਂ ਨੀਤੀਆਂ ਹੀ ਲੋਕ-ਪੱਖੀ ਹਨ ਅਤੇ ਇਹੀ ਵਿਕਾਸ ਦੇ ਕੰਮ ਕਰਦੀ ਹੈ।
No comments:
Post a Comment