ਜਲੰਧਰ, 30 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ 'ਆਪ' ਦੀ ਸਿਖਰਲੀ ਲੀਡਰਸ਼ਿਪ ਵਲੋਂ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੇ ਹਿੱਸੇ ਵਜੋਂ ਹੇਠਲੇ ਪੱਧਰ 'ਤੇ ਵੋਟਰਾਂ ਨਾਲ ਮਿਲਣੀ ਪ੍ਰੋਗਰਾਮ ਸ਼ੁਰੂ ਕਰ ਦਿੱਤੇ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅੰਮ੍ਰਿਤਪਾਲ ਸਿੰਘ ਨੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵੱਖ-ਵੱਖ ਰਿਹਾਇਸ਼ੀ ਸੁਸਾਇਟੀਆਂ ਵਿੱਚ ਜਾ ਕੇ ਵੋਟਰਾਂ ਨਾਲ ਗੱਲਬਾਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵੋਟਰ ਮਿਲਣੀ ਪ੍ਰੋਗਰਾਮ ਦੌਰਾਨ ਸੂਬੇ ਵਿੱਚ ‘ਆਪ’ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੀਆਂ ਉਪਲਬਧੀਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ। 'ਆਪ' ਦੀ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਗਏ ਕੰਮਾਂ ਨੂੰ ਲੈਕੇ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਇਲਾਕਾ ਵਾਸੀਆਂ ਵਲੋਂ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ ਗਿਆ।
'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਕੀਤੀ ਗਏ ਇਸ ਵੋਟਰ ਮਿਲਣੀ ਪ੍ਰੋਗਰਾਮ ਦੌਰਾਨ ਯੋਜਨਾ ਬੋਰਡ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਇਥੇ ਭਾਰਗਵ ਕੈਂਪ ਇਲਾਕੇ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਪਹਿਲੀ ਪਹਿਲਕਦਮੀ ਤਹਿਤ ਸਰਕਾਰ ਨੇ ਸੂਬੇ ਦੇ ਸਾਰੇ ਵਸਨੀਕਾਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ। ਇਸੇ ਤਰ੍ਹਾਂ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਕਈ ਕੇਸ ਦਰਜ ਕਰਕੇ ਉਨ੍ਹਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਜਨਤਕ ਖਦਾਨਾਂ ਖੋਲ੍ਹ ਦਿੱਤੀਆਂ ਹਨ ਤਾਂ ਜੋ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ‘ਆਪ’ ਸਰਕਾਰ ਨੇ ਕਈ ਅਹਿਮ ਕਦਮ ਚੁੱਕ ਕੇ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਿਆਸੀ ਪਾਰਟੀਆਂ ਸੋਚ ਵੀ ਨਹੀਂ ਸਕਦੀਆਂ ਸਨ।
ਯੋਜਨਾਂ ਬੋਰਡ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਅੱਗੇ ਆਕੇ ਵੋਟਾਂ ਪਾਉਣ ਅਤੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਰਿੰਕੂ ਦੀ ਜਿੱਤ ਜਲੰਧਰ ਹਲਕੇ ਦੀ ਇੱਕ ਇਤਿਹਾਸਿਕ ਜਿੱਤ ਹੋਵੇਗੀ ਅਤੇ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਵੇਗੀ। ਇਸਤੋਂ ਇਲਾਵਾ ਯੋਜਨਾ ਬੋਰਡ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਜਨਤਕ ਮੀਟਿੰਗਾਂ ਵੀ ਕੀਤੀਆਂ।
No comments:
Post a Comment