SBP GROUP

SBP GROUP

Search This Blog

Total Pageviews

ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੇ ਕਦਮਾਂ ਦੀ ਸਮੀਖਿਆ

ਐੱਸ.ਏ.ਐੱਸ. ਨਗਰ, 10 ਮਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ. ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ।


ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। 



ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।


ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ।


ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਵਿੱਢੀ ਹੋਈ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਰੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਇਸ ਖਤਰੇ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ।


ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ 

 ਪੁਲੀਸ ਨੇ ਨਸ਼ਿਆਂ ਸਬੰਧੀ ਸ਼ਿਕਾਇਤ ਦੇਣ ਲਈ ਜਨਤਕ ਥਾਵਾਂ ਉੱਤੇ ਸ਼ਿਕਾਇਤ ਬਾਕਸ ਲਾਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਜ਼ਿਲ੍ਹੇ ਵਿਚ ਇਹ ਉਪਰਾਲਾ ਕਰਨ ਦੇ ਨਿਰਦੇਸ਼ ਦਿੱਤੇ। 


ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਮਨਿੰਦਰ ਕੌਰ ਬਰਾੜ,  ਐੱਸ.ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ, ਐੱਸ.ਡੀ. ਐਮ. ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ਖਰੜ ਸ਼੍ਰੀ ਰਵਿੰਦਰ ਸਿੰਘ, ਐੱਸ ਪੀ ਅਮਨਦੀਪ ਬਰਾੜ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger