ਐੱਸ.ਏ.ਐੱਸ. ਨਗਰ, 05 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ ਇਹ ਕਲੀਨਿਕਸ ਸਿਹਤ ਖੇਤਰ ਵਿਚਲੀ ਕ੍ਰਾਂਤੀ ਹਨ। ਇਹ ਗੱਲ ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਲਾਂਡਰਾਂ ਵਿਖੇ ਸਥਾਪਤ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਆਖੀ। ਅੱਜ ਜ਼ਿਲ੍ਹੇ ਵਿਚ ਫੇਜ਼ 07 ਮੋਹਾਲੀ, ਬਸੌਲੀ, ਖਿਜਰਗੜ, ਮਜਾਤ, ਸਮੇਤ 06 ਅਜਿਹੇ ਕਲੀਨਿਕ ਖੋਲ੍ਹੇ ਗਏ ਹਨ।
ਹਲਕਾ ਵਿਧਇਕ ਨੇ ਦੱਸਿਆ ਕਿ ਸੂਬੇ ਵਿੱਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿੱਚ ਸਮਰਪਿਤ ਕੀਤੇ ਗਏ ਹਨ। ਜ਼ਿਲ੍ਹਾ ਐੱਸ ਏ ਐੱਸ ਨਗਰ ਵਿਚ ਕੁੱਲ 34 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ।
ਹੁਣ ਤੱਕ ਸੂਬਾ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਇਨ੍ਹਾਂ ਕਲੀਨਿਕਾਂ 'ਤੇ ਵੱਖੋ ਵੱਖ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ। ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਭਰ ਵਿਚ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਇਸ ਮੌਕੇ ਉਹਨਾਂ ਨੇ ਬਾਰੀਕੀ ਨਾਲ ਕਲੀਨਿਕ ਦਾ ਜਾਇਜ਼ਾ ਲਿਆ ਤੇ ਸਟਾਫ਼ ਨਾਲ ਗੱਲਬਾਤ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਲੋਕਾਂ ਨੂੰ ਜਿਹੜੀਆਂ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਤਹਿਤ ਇਹ ਕਲੀਨਿਕ ਖੋਲ੍ਹੇ ਜਾ ਰਹੇ ਹਨ। ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਗਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰ ਸਟਾਫ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਵੱਡੀ ਗਿਣਤੀ ਦਵਾਈਆਂ ਤੇ ਕਲੀਨਿਕਲ ਟੈਸਟ ਦੀ ਸਹੂਲਤ ਲੋਕਾਂ ਨੂੰ ਮੁਫ਼ਤ ਦਿੱਤੀ ਜਾ ਰਹੀ ਹੈ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੜਾਅਵਾਰ ਇਹ ਕਲੀਨਿਕ ਪਿੰਡ-ਪਿੰਡ ਖੋਲ੍ਹੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ। ਸਿਹਤ ਸਹੂਲਤਾਂ ਪੱਖੋਂ ਪੰਜਾਬ ਪੂਰੇ ਦੇਸ਼ ਵਿੱਚੋਂ ਮੋਹਰੀ ਬਣ ਕੇ ਉਭਰੇਗਾ। ਪੰਜਾਬ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ। ਸੂਬੇ ਦੇ ਵੱਡੀ ਗਿਣਤੀ ਲੋਕਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅੱਵਲ ਬਣਾਉਣ ਦਾ ਸੁਫ਼ਨਾ ਹਰ ਹਾਲ ਪੂਰਾ ਹੋਵੇਗਾ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ।
ਹਲਕਾ ਵਿਧਾਇਕ ਨੇ ਕਿਹਾ ਕਿ ਮੋਹਾਲੀ ਪਲੈਨਡ ਸ਼ਹਿਰ ਹੈ। ਹਰ ਪੰਜਾਬੀ ਦੀ ਇਹ ਪਹਿਲੀ ਪਸੰਦ ਬਣ ਗਿਆ ਹੈ। ਇਥੇ ਕਾਨੂੰਨ ਪ੍ਰਬੰਧ ਬਹੁਤ ਵਧੀਆ ਹੈ। ਸਰਕਾਰ ਵੱਲੋਂ ਮੋਹਾਲੀ ਨੂੰ ਵਿਕਸਤ ਕਰਨ ਲਈ ਬਹੁਤ ਧਿਆਨ ਦਿੱਤਾ ਜਾ ਰਿਹਾ ਹੈ। ਨਿਵੇਸ਼ਕਾਂ ਨੂੰ ਪੰਜਾਬ ਵਿੱਚ ਲੈਕੇ ਆਉਣ ਲਈ ਇਹ ਸ਼ਹਿਰ ਅਹਿਮ ਭੂਮਿਕਾ ਨਿਭਾਉਂਦਾ ਹੈ।
15 ਕਰੋੜ ਦੀ ਲਾਗਤ ਨਾਲ ਪੂਰੇ ਸ਼ਹਿਰ ਵਿਚ ਕੈਮਰੇ ਲਗਾਏ ਜਾਣੇ ਹਨ। ਆਉਣ ਵਾਲੇ ਸਮੇਂ ਵਿੱਚ ਮਾਸਟਰ ਪਲਾਨ ਨੂੰ ਵੀ ਵਧਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖੋ-ਵੱਖ ਵਿਭਾਗਾਂ ਵਿਚ ਭਰਤੀ ਲਗਾਤਾਰ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਅਦਾਰੇ ਤੇ ਸੰਸਥਾ ਵਿਚ ਸਟਾਫ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਲੋਕਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਹੋਣਗੀਆਂ। ਸਰਕਾਰ ਵੱਲੋਂ ਹਜ਼ਾਰਾਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਉਹਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਆਮ ਆਦਮੀ ਕਲੀਨਿਕਸ ਲੋਕ ਅਰਪਣ ਕਰਨ ਹਿਤ ਲੁਧਿਆਣਾ ਵਿਖੇ ਕਰਵਾਇਆ ਸੂਬਾ ਪੱਧਰੀ ਸਮਾਗਮ ਵੀ ਆਨਲਾਈਨ ਦੇਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹਨਾਂ ਕਲੀਨਿਕਸ ਦੇ ਰੂਪ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਨੇੜੇ ਹੀ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਲੀਨਿਕਸ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਐੱਸ. ਡੀ. ਐੱਮ. ਮੋਹਾਲੀ ਸਰਬਜੀਤ ਕੌਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
No comments:
Post a Comment