ਐਸ.ਏ.ਐਸ ਨਗਰ 16 ਮਈ : ਕੌਮੀ ਡੇਂਗੂ ਰੋਕਥਾਮ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ। ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਵਿਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦੇਸ਼ ਵਿਚ ਹਰ ਸਾਲ ਹਜ਼ਾਰਾਂ ਜਾਨਾਂ ਲੈ ਲੈਂਦਾ ਹੈ। ਇਸ ਜਾਨਲੇਵਾ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਸਾਨੂੰ ਅਪਣੇ ਘਰ ਵਿਚ ਅਤੇ ਆਲੇ ਦੁਆਲੇ ਕੁੱਝ ਸਾਵਧਾਨੀਆਂ ਵਰਤਣ ਦੀ ਲੋੜ ਹੈ ਤਾਕਿ ਅਸੀਂ ਅਪਣਾ ਅਤੇ ਲੋਕਾਂ ਦਾ ਬਚਾਅ ਕਰ ਸਕੀਏ।
ਉਨ੍ਹਾਂ ਕਿਹਾ ਕਿ ਹਰ ਸਾਲ 16 ਮਈ ਨੂੰ ਡੇਂਗੂ ਰੋਕਥਾਮ ਦਿਵਸ ਮਨਾਉਣ ਦਾ ਮੰਤਵ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਦੀ ਲੋੜ ਬਾਬਤ ਜਾਗਰੂਕ ਹੋਣਾ ਹੈ ਕਿਉਂਕਿ ਇਹ ਬੀਮਾਰੀ ਵੀ ਦੇਸ਼ ਦੁਨੀਆਂ ਲਈ ਅੱਜ ਡਾਢੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਵੀ ਬਚਣ ਦੀ ਅਤਿਅੰਤ ਲੋੜ ਹੈ ਕਿਉਂਕਿ ਗਰਮੀ ਦੇ ਮੌਸਮ ਵਿਚ ਕੂਲਰ ਆਦਿ ਚੱਲਣ ਨਾਲ ਇਸ ਜਾਨਲੇਵਾ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਜ਼ਿਆਦਾ ਵੱਧ ਜਾਂਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਆਖਿਆ ਕਿ ਕੂਲਰਾਂ, ਗਮਲਿਆਂ, ਬੇਕਾਰ ਟਾਇਰਾਂ, ਫ਼ਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ‘ਏਡੀਜ਼ ਅਜਿਪਟੀ’ ਨੂੰ ਘਰਾਂ ਅਤੇ ਅਪਣੇ ਆਲੇ-ਦੁਆਲੇ ਕਿਸੇ ਵੀ ਕੀਮਤ ’ਤੇ ਪੈਦਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ। ਇਸ ਮੌਕੇ ਸ਼ਹਿਰ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਡੇਂਗੂ ਰੋਕਥਾਮ ’ਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਸਿਹਤ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿਚ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਿੰਦਰ ਸਿੰਘ, ਸਰਪੰਚ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਬੱਲੀ, ਹੈਲਥ ਇੰਸਪੈਕਟਰ, ਹੈਲਥ ਵਰਕਰ ਅਤੇ ਹੋਰ ਸਟਾਫ਼ ਵੀ ਮੌਜੂਦ ਸੀ।
No comments:
Post a Comment