ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਮੁੱਖ ਮੰਤਰੀ ਮਾਨ ਨੇ ਹਲਕਾ ਆਦਮਪੁਰ ਦੇ ਵੱਖ-ਵੱਖ ਇਲਾਕਿਆਂ 'ਚ ਕੱਢਿਆ ਰੋਡ ਸ਼ੋਅ
ਜਲੰਧਰ, 02 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਹਲਕਾ ਆਦਮਪੁਰ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਲੋਕ ਹੁਣ ਇਨ੍ਹਾਂ ਦੇ ਆਗੂਆਂ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।
ਉਨ੍ਹਾਂ ਕਿਹਾ ਕਿ ਕਾਂਗਰਸ-ਅਕਾਲੀ ਆਗੂਆਂ ਨੇ ਸੱਤਾ ਵਿੱਚ ਰਹਿੰਦਿਆਂ ਲੋਕ-ਪੱਖੀ ਕੰਮ ਕਰਨ ਦੀ ਬਜਾਏ ਜਨਤਾ ਦਾ ਪੈਸਾ ਲੁੱਟਿਆ। ਹੁਣ ਛਾਪੇਮਾਰੀ ਦੌਰਾਨ ਇਨ੍ਹਾਂ ਲੋਕਾਂ ਦੇ ਘਰਾਂ ਵਿੱਚ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲ ਰਹੀਆਂ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦਾ ਕਿੰਨਾ ਪੈਸਾ ਲੁੱਟਿਆ ਹੈ।
ਪਰ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਅਸੀਂ ਇੱਕ ਸਾਲ ਦੇ ਅੰਦਰ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜਿਨ੍ਹਾਂ ਨੇ ਵੀ ਭ੍ਰਿਸ਼ਟਾਚਾਰ ਕੀਤਾ, ਅਸੀਂ ਕਿਸੇ ਨੂੰ ਨਹੀਂ ਬਖ਼ਸ਼ਾਂਗੇ। ਉਨ੍ਹਾਂ ਸਾਰਿਆਂ ਨੂੰ ਫੜ੍ਹ ਕੇ ਜਨਤਾ ਤੋਂ ਲੁੱਟਿਆ ਪੈਸਾ ਵਸੂਲ ਕਰਕੇ ਪੰਜਾਬ ਦੇ ਖ਼ਜ਼ਾਨੇ ਵਿੱਚ ਪਾਵਾਂਗੇ।
ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਹੈ। ਪਰ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਜ਼ਰੂਰ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਪੰਜਾਬ ਦੇ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਸਖ਼ਤ ਮਿਹਨਤ ਕਰਾਂਗੇ।
ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਅਤੇ ਕਿਹਾ ਕਿ ਤੁਸੀਂ ਮੇਰੇ 'ਤੇ ਬਹੁਤ ਭਰੋਸਾ ਕੀਤਾ ਹੈ। ‘ਆਪ ਪਾਰਟੀ ਨੂੰ 92 ਸੀਟਾਂ ਦੇ ਕੇ ਮੁੱਖ ਮੰਤਰੀ ਬਣਾਇਆ। ਹੁਣ ਮੈਨੂੰ ਕੰਮ ਕਰਨ ਲਈ ਇੱਕ ਸਾਲ ਹੋਰ ਦਿਓ। ਜੇ ਮੇਰਾ ਕੰਮ ਚੰਗਾ ਨਾ ਹੋਇਆ ਜਾਂ ਮੇਰੇ ਉੱਪਰ ਵੀ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਲੱਗ ਜਾਵੇ ਤਾਂ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂਕਿ ਮੈਂ 2024 ਵਿੱਚ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਵਾਂਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਸਾਡੇ ਵਾਂਗ ਪੰਜਾਬ ਅਤੇ ਜਲੰਧਰ ਲਈ ਆਵਾਜ਼ ਉਠਾਉਣਗੇ ਅਤੇ ਜਲੰਧਰ ਦੇ ਵਿਕਾਸ ਲਈ ਕੇਂਦਰੀ ਫੰਡ ਲੈ ਕੇ ਆਉਣਗੇ। ਕੇਂਦਰੀ ਫੰਡ ਕਿਵੇਂ ਲਿਆਂਦਾ ਜਾਂਦਾ ਹੈ ਅਤੇ ਲੋਕਾਂ ਦੇ ਵਿਕਾਸ ਲਈ ਕਿਵੇਂ ਵਰਤਿਆ ਜਾਂਦਾ ਹੈ, ਇਹ ਮੈਂ ਜਾਣਦਾ ਹਾਂ। ਅਸੀਂ ਇਸ ਵਾਸਤੇ ਸੁਸ਼ੀਲ ਰਿੰਕੂ ਦਾ ਹਮੇਸ਼ਾ ਵੱਡੇ ਭਰਾ ਵਾਂਗ ਮਾਰਗਦਰਸ਼ਨ ਕਰਾਂਗੇ।
No comments:
Post a Comment