ਐਸ.ਏ.ਐਸ.ਨਗਰ, 16 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ—3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਦੀਪ ਸਿੰਘ ਢਿੱਲੋਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ—ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਦੇ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ—3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ।ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ—3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ ਉਪਲਬਧ ਨਹੀਂ ਹੈ ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ ਵਿੱਚੋਂ ਟਰੈਕਟਰ ਦੀ ਰਜਿਸਟੇ੍ਰਸ਼ਨ ਕਰਵਾਈ ਜਾ ਸਕੇਗੀ। ਇਸ ਲਈ ਆਮ ਜਨਤਾ ਮਿਤੀ 30 ਜੂਨ 2023 ਤੱਕ ਸਬੰਧਤ ਅਥਾਰਟੀ ਨਾਲ ਤਾਲਮੇਲ ਕਰਕੇ ਟ੍ਰੈਮ—3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੀ ਹੈ। ਮਿਤੀ 30 ਜੂਨ 2023 ਤੋਂ ਬਾਅਦ ਟ੍ਰੈਮ—3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ।
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਸਮੂਹ ਕਿਸਾਨ ਜਥੇਬੰਦੀਆਂ ਅਤੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਐਲਾਨ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।


No comments:
Post a Comment