ਐਸ.ਏ.ਐਸ. ਨਗਰ, 21 ਜੂਨ : ਸੀਨੀਅਰ ਭਾਜਪਾ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ਼ ਮੰਨ ਕੇ ਜੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਚਲਾਇਆ ਹੁੰਦਾ ਤਾਂ ਪੰਜਾਬ ਸਰਕਾਰ ਨੂੰ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜੀ ਕਰਨ ਦੀ ਲੋੜ ਨਹੀਂ ਸੀ ਪੈਣੀ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ 2019 ਨੂੰ ਪੰਜਾਬ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਦੇ ਪ੍ਰਸਾਰਣ ਦਾ ਅਧਿਕਾਰ ਇੱਕ ਚੈਨਲ ਨੂੰ ਦੀ ਥਾਂ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਤਹਿਤ ਹੋਰ ਟੀਵੀ ਚੈਨਲ ਵੀ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰ ਸਕਣ। ਉਹਨਾਂ ਦਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਇਕ ਵਿਸ਼ੇਸ਼ ਏਲਚੀ ਰਾਹੀਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਤੇ ਦੀ ਕਾਪੀ ਸੌਂਪ ਕੇ ਮੰਗ ਕੀਤੀ ਸੀ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਢੁਕਵੇਂ ਆਦੇਸ਼ ਦਿਤੇ ਜਾਣ।
ਸ਼੍ਰੀ ਸਿੱਧੂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿਧਾਨ ਸਭਾ ਰਾਹੀਂ ਪ੍ਰਗਟ ਹੋਈ ਪੰਜਾਬ ਤੇ ਸਿੱਖ ਜਗਤ ਦੀ ਭਾਵਨਾ ਨੂੰ ਸ਼੍ਰੋਮਣੀ ਕਮੇਟੀ ਤੱਕ ਪਹੁੰਚਾਉਦਿਆਂ ਆਦੇਸ਼ ਦਿੱਤਾ ਸੀ ਕਿ ਇਕ ਟੀਵੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਦੇਣ ਦੀ ਥਾਂ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਤ ਕਰੇ ਜਿਸ ਰਾਹੀਂ ਸਾਰੇ ਚੈਨਲਾਂ ਨੂੰ ਫੀਡ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਦਿਸ਼ਾ ਵਿਚ ਸਮੇਂ ਸਿਰ ਸਾਰਥਿਕ ਕਦਮ ਨਾ ਚੁੱਕਣ ਕਾਰਨ ਅੱਜ ਇਹ ਟਕਰਾਅ ਵਾਲੀ ਸਥਿਤੀ ਬਣੀ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਪਿਛਲੀਆਂ ਦੋ ਜਨਰਲ ਚੋਣਾਂ ਵਿਚ ਕਮੇਟੀ ਉਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੈਨੀਫੈਸਟੋ ਵਿਚ ਸਿੱਖ ਸੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਸ੍ਰੀ ਦਰਬਾਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇਗੀ।
ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਕੀਤੇ ਜਾਦੇ ਪ੍ਰਸਾਰਣ ਸਬੰਧੀ ਸਿੱਖ ਗੁਰਦਵਾਰਾ ਐਕਟ-1925 ਵਿੱਚ ਤਰਮੀਮ ਕਰਨ ਲਈ ਅੱਜ ਪਾਸ ਕੀਤਾ ਗਿਆ ਮਤਾ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤੀ ਗਈ ਅਜਿਹੀ ਕਾਰਵਾਈ ਹੈ ਜਿਸ ਦਾ ਬੇਲੋੜੇ ਟਕਰਾਅ ਤੋਂ ਬਿਨਾਂ ਹੋਰ ਕੋਈ ਸਾਰਥਿਕ ਸਿੱਟਾ ਨਹੀਂ ਨਿਕਲਣਾ। ਉਹਨਾਂ ਕਿਹਾ ਕਿ ਸਰਕਾਰ ਨੂੰ ਸਿੱਧੀ ਦਖ਼ਲਅੰਦਾਜੀ ਕਰਨ ਦੀ ਥਾਂ ਇਹ ਮਾਮਲਾ ਸਿਖ ਸੰਗਤ ਅਤੇ ਸ਼੍ਰੋਮਣੀ ਕਮੇਟੀ ਉਤੇ ਛੱਡ ਦੇਣਾ ਚਾਹੀਦਾ ਸੀ।
ਸ਼੍ਰੀ ਸਿੱਧੂ ਨੇ ਕਿਹਾ ਕਿ ਉਹਨਾਂ ਵਲੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚ ਪੈਦਾ ਹੋ ਰਹੇ ਬੇਲੋੜੇ ਟਕਰਾਅ ਦਾ ਪ੍ਰਗਟ ਕੀਤਾ ਗਿਆ ਖ਼ਦਸ਼ਾ ਸੱਚ ਸਾਬਤ ਹੁੰਦਾ ਜਾਪ ਰਿਹਾ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਆਪਣਾ ਵਿਸ਼ੇਸ਼ ਜਰਨਲ ਅਜਲਾਸ ਸੱਦ ਲਿਆ ਹੈ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਅਜਲਾਸ ਵਿਚ ਪਾਸ ਕੀਤੇ ਜਾਣ ਵਾਲੇ ਮੱਤਿਆਂ ਅਤੇ ਕੀਤੀਆਂ ਜਾਣ ਵਾਲੀਆਂ ਤਕਰੀਰਾਂ ਨਾਲ ਵੀ ਪੰਜਾਬ ਵਿਚ ਟਕਰਾਅ ਵਾਲਾ ਮਹੌਲ ਬਣੇਗਾ ਜਿਸ ਨਾਲ ਸੂਬੇ ਦੀ ਅਮਨ-ਸ਼ਾਂਤੀ ਭੰਗ ਹੋਣਾ ਦਾ ਵੀ ਖ਼ਤਰਾ ਹੈ।
ਭਾਜਪਾ ਆਗੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਅਜੇ ਵੀ ਚਾਹੀਦਾ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ਼ ਅਤੇ ਸਿੱਖ ਜਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਅਜਿਹਾ ਪ੍ਰਬੰਧ ਕਰੇ ਕਿ ਇਹ ਕਿਸੇ ਇਕ ਪਰਿਵਾਰ ਦੀ ਅਜਾਰੇਦਾਰੀ ਨਾ ਰਹੇ।


No comments:
Post a Comment