SBP GROUP

SBP GROUP

Search This Blog

Total Pageviews

Thursday, July 13, 2023

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 35 ਕਰੋੜ ਰੁਪਏ ਤੋਂ ਵਧੇਰੇ ਦੇ ਆਸ਼ੀਰਵਾਦ ਸਕੀਮ ਦੇ 687 ਕੇਸਾਂ ਨੂੰ ਪ੍ਰਵਾਨਗੀ-ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਜੁਲਾਈ : ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਇਕ ਮੱਦਦ ਵਜੋਂ ਦਿੱਤੀ ਜਾਂਦੀ ਆਸ਼ੀਰਵਾਦ ਯੋਜਨਾ ਤਹਿਤ ਅੱਜ ਜ਼ਿਲ੍ਹਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 687 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਦਸੰਬਰ ਤੋਂ ਮਾਰਚ ਤੱਕ ਦੇ ਇਨ੍ਹਾਂ ਕੇਸਾਂ ਤਹਿਤ 35 ਲੱਖ 37 ਹਜ਼ਾਰ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਦੇ ਖਾਤਿਆਂ ’ਚ ਸਿੱਧੇ ਤੌਰ ’ਤੇ ਤਬਦੀਲ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਏ ਡੀ ਸੀ (ਵਿਕਾਸ), ਡਿਪਟੀ ਕੰਟਰੋਲਰ ਅੰਦਰੂਨੀ ਆਡਿਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਿਤਾ ਅਫ਼ਸਰ ’ਤੇ ਆਧਾਰਿਤ ਕਮੇਟੀ ਗਠਿਤ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਅਜਿਹਾ ਪਰਿਵਾਰ ਜਿਸ ਦੀ ਸਲਾਨਾ ਸਾਰੇ ਸਰੋਤਾਂ ਤੋਂ 32790 ਰੁਪਏ ਤੋਂ ਵਧੇਰੇ ਨਾ ਹੋਵੇ, ਆਪਣੀਆਂ ਦੋ ਧੀਆਂ ਤੱਕ ਦੇ ਵਿਆਹ ਲਈ ਵਿਭਾਗ ਦੇ ਪੋਰਟਲ ’ਤੇ ਜਾ ਕੇ ਆਨਲਾਈਨ ਬਿਨੇ ਕਰ ਸਕਦਾ ਹੈ। ਇਹ ਬਿਨੇ ਵਿਆਹ ਤੋਂ 30 ਦਿਨ ਪਹਿਲਾਂ ਜਾਂ ਵਿਆਹ ਤੋਂ 30 ਦਿਨ ਤੱਕ ਕਰਨਾ ਜ਼ਰੂਰੀ ਹੈ। 

ਜ਼ਿਲ੍ਹਾ ਕਮੇਟੀ ਦੇ ਮੁਖੀ ਏ ਡੀ ਸੀ (ਪੇਂਡੂ ਵਿਕਾਸ) ਅਮਿਤ ਬੈਂਬੀ ਨੇ ਇਸ ਮੌਕੇ ਦੱਸਿਆ ਕਿ ਕਮੇਟੀ ਵੱਲੋਂ ਪਾਸ ਕੀਤੇ ਗਏ ਇਹ ਕੇਸ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਭੇਜੇ ਜਾਣਗੇ, ਜਿੱਥੋਂ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ’ਚ ਤਬਦੀਲ ਕਰ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਅਨੁਸੂਚਿਤ ਜਾਤੀਆਂ/ਈਸਾਈ ਬਿਰਾਦਰੀ ਦੀਆਂ ਲੜਕੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ ਮੁਹੱਈਆ ਕਰਵਾਈ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਿਤਾ ਅਫ਼ਸਰ ਆਸ਼ੀਸ਼ ਕਥੂਰੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। 

ਫ਼ੋਟੋ ਕੈਪਸ਼ਨ:

ਏ ਡੀ ਸੀ (ਪੇਂਡੂ ਵਿਕਾਸ) ਅਮਿਤ ਬੈਂਬੀ, ਜ਼ਿਲ੍ਹਾ ਕਮੇਟੀ ਦੀ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਦੀ ਮਾਇਕ ਸਹਾਇਤਾ ਦੇ ਮਾਮਲਿਆਂ ਨੂੰ ਪ੍ਰਵਾਨਗੀ ਦੇਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

No comments:


Wikipedia

Search results

Powered By Blogger