SBP GROUP

SBP GROUP

Search This Blog

Total Pageviews

ਸਿਹਤ ਟੀਮਾਂ ਨੇ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਲਏ ਪਾਣੀ ਦੇ ਸੈਂਪਲ

ਲੋਕਾਂ ਦੀ ਤੰਦਰੁਸਤੀ ਲਈ ਜ਼ਿਲ੍ਹਾ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ

ਐਸ.ਏ.ਐਸ.ਨਗਰ 13 ਜੁਲਾਈ : ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਯਤਨ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਉਂਦਿਆਂ ਵੱਖ-ਵੱਖ ਥਾਈਂ ਕੁਲ 36 ਸ੍ਰੋਤਾਂ ਤੋਂ ਪਾਣੀ ਦੇ ਸੈਂਪਲ ਲਏ ਹਨ। ਜ਼ਿਕਰਯੋਗ ਹੈ ਕਿ ਹੜ੍ਹਾਂ ਦਾ ਪਾਣੀ ਇਕੱਠਾ ਹੋਣ ਕਾਰਨ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦਾ ਖ਼ਤਰਾ ਵਧ ਗਿਆ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਪੀਣ ਵਾਲੇ ਪਾਣੀ ਦੇ ਹੜ੍ਹਾਂ ਦੇ ਪਾਣੀ ਜਾਂ ਸੀਵਰੇਜ ਨਾਲ ਰਲ ਜਾਣ ਦੇ ਖ਼ਦਸ਼ੇ ਕਾਰਨ ਅਹਿਤਿਆਤ ਵਜੋਂ  ਉਨ੍ਹਾਂ ਸ੍ਰੋਤਾਂ ਤੋਂ ਸੈਂਪਲ ਲਏ ਗਏ ਹਨ ਜਿਥੇ ਲੀਕੇਜ ਦਾ ਖ਼ਦਸ਼ਾ ਹੈ। 



ਪਾਣੀ ਦੇ ਨਮੂਨੇ ਜਾਂਚ ਲਈ ਭੇਜ ਦਿਤੇ ਗਏ ਹਨ। ਇਸ ਦੇ ਨਾਲ ਹੀ ਸਿਹਤ ਕਾਮਿਆਂ ਨੇ ਅੱਜ ਜ਼ਿਲ੍ਹੇ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ 749 ਘਰਾਂ ਦਾ ਸਰਵੇ ਕੀਤਾ ਅਤੇ 2449 ਕੰਟੇਨਰਾਂ ਦੀ ਜਾਂਚ ਕੀਤੀ। ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ, ਜਿਸ ਦੌਰਾਨ ਚਾਰ ਘਰਾਂ ਵਿਚ ਡੇਂਗੂ ਮੱਛਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ 

           ਡਾ. ਮਹੇਸ਼ ਕੁਮਾਰ ਨੇ ਆਖਿਆ ਕਿ ਮੀਂਹ ਦੇ ਮੌਸਮ ਵਿਚ ਬੈਕਟੀਰੀਆ, ਫ਼ੰਗਸ ਅਤੇ ਯੀਸਟ ਤੇਜ਼ੀ ਨਾਲ ਪੈਦਾ ਹੋਣ ਲਗਦੇ ਹਨ। ਇਹ ਬੈਕਟੀਰੀਆ ਜੇ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ ਪੇਟ ਵਿਚ ਚਲੇ ਜਾਣ ਤਾਂ ਇਨਫ਼ੈਕਸ਼ਨ ਫੈਲਾਉਂਦੇ ਹਨ, ਜਿਸ ਨਾਲ ਬੁਖ਼ਾਰ, ਖੰਘ, ਦਸਤ, ਢਿੱਡ ਵਿਚ ਦਰਦ, ਗਲ ਦਾ ਇਨਫ਼ੈਕਸ਼ਨ, ਗਲ ਵਿਚ ਦਰਦ, ਕੰਨ ਦੇ ਪਰਦੇ ਦਾ ਇਨਫ਼ੈਕਸ਼ਨ ਤੇ ਪੇਟ ਦੀਆਂ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਇਕੱਠਾ ਹੋਣ ਕਾਰਨ ਮੱਛਰ ਪੈਦਾ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ ਜਿਸ ਕਾਰਨ ਮਲੇਰੀਆ ਅਤੇ ਡੇਂਗੂ ਜਿਹੀਆਂ ਬੀਮਾਰੀਆਂ ਹੋ ਸਕਦੀਆਂ ਹਨ। ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

ਫ਼ੋਟੋ : ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਤੇ ਜਾਂਚ ਕਰਦੀਆਂ ਟੀਮਾਂ।

No comments:


Wikipedia

Search results

Powered By Blogger