ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਤਬਦੀਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਸਬੰਧਤ ਬੈਂਕਾਂ ਨੂੰ ਸ਼ਨੀਵਾਰ ਤੇ ਐਤਵਾਰ ਵੀ ਕੰਮ ਕਰਨ ਲਈ ਕਿਹਾ
ਐਸ.ਏ.ਐਸ.ਨਗਰ, 26 ਅਗਸਤ : ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਪ ਮੰਡਲ ਮੈਜਿਸਟਰੇਟਾਂ ਨੂੰ ਦੋ ਦਿਨਾਂ ਵਿੱਚ ਮੁਆਵਜ਼ਾ ਵੰਡ ਦੀ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਸਬੰਧਤ ਬੈਂਕਾਂ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਕਿਸਾਨਾਂ ਦੇ ਖਾਤੇ ਵਿੱਚ ਮੁਆਵਜ਼ਾ ਰਾਸ਼ੀ ਤਬਦੀਲ ਕਰਨ ਸਬੰਧੀ ਲਈ ਹਫਤੇ ਦੇ ਅੰਤ ਵਿੱਚ ਛੁੱਟੀਆਂ ਦੌਰਾਨ ਵੀ ਕੰਮ ਕਰਨ। ਇਸ ਦੇ ਲਈ ਉਨ੍ਹਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਜੇਕਰ ਕੰਮ ਕਰਨਾ ਪੈਂਦਾ ਹੈ, ਤਾਂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਇਸ ਲਈ ਮੁਆਵਜ਼ਾ ਵੰਡ ਵਿੱਚ ਦੇਰੀ ਨਾ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਪੰਜਾਬ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੀ ਹੈ, ਜਿਸ ਵਿੱਚੋਂ 1.30 ਕਰੋੜ ਰੁਪਏ ਹੜ੍ਹਾਂ ਕਾਰਨ ਘਰ/ਛੱਤਾਂ ਗੁਆ ਚੁੱਕੇ ਵਿਅਕਤੀਆਂ ਨੂੰ ਦਿੱਤੇ ਗਏ ਹਨ ਜਦਕਿ ਬਾਕੀ 1.70 ਕਰੋੜ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 45 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੇ ਤੌਰ 'ਤੇ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ ਮੁਆਵਜ਼ਾ ਵੀ ਹਫ਼ਤੇ ਦੇ ਇਨ੍ਹਾਂ ਆਖਰੀ ਦਿਨਾਂ ਤੱਕ ਵੰਡਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਸ.ਡੀ.ਐਮਜ਼ ਨੂੰ ਨੁਕਸਾਨ ਦਾ ਬਕਾਇਆ ਰਹਿੰਦਾ ਮੁਲਾਂਕਣ (ਗਿਰਦਾਵਰੀ) ਵੀ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਰਾਸ਼ੀ ਲਈ ਇੰਤਜ਼ਾਰ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੂੰ ਮੁਆਵਜ਼ੇ ਦੀ ਵੰਡ 'ਤੇ ਨਿਗਰਾਨੀ ਰੱਖਣ ਦਾ ਕੰਮ ਸੌਂਪਿਆ ਗਿਆ ਹੈ।
No comments:
Post a Comment