ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਐਸ.ਏ.ਐਸ.ਨਗਰ, 28 : ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਸ਼ਹਿਰ ਦੇ ਫੇਜ਼ 7 ਅਤੇ 9 ਵਿਖੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਡਾ. ਮਹੇਸ਼ ਨੇ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ਵਿਚ ਫੇਰੀ ਪਾਈ ਅਤੇ ਓ.ਪੀ.ਡੀ. ਸੇਵਾਵਾਂ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਮਾਨ ਦਾ ਵੀ ਨਿਰੀਖਣ ਕੀਤਾ।
ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜ ਪ੍ਰਣਾਲੀ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਵਿਚਲੀ ਸਾਫ਼-ਸਫ਼ਾਈ ਤੋਂ ਉਹ ਕਾਫ਼ੀ ਪ੍ਰਭਾਵਤ ਹਨ ਅਤੇ ਲੋਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਇਥੇ ਦਿਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਅਤੇ ਕਈ ਤਰ੍ਹਾਂ ਦੇ ਡਾਕਟਰੀ ਟੈਸਟ ਵੀ ਕੀਤੇ ਜਾ ਰਹੇ ਹਨ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਗੰਭੀਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿਤੀ ਜਾਵੇ l
।
No comments:
Post a Comment