ਐੱਸ.ਏ.ਐੱਸ. ਨਗਰ, 25 ਸਤੰਬਰ : ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਤੇ 58 ਹੋਰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਹਿਤ 91 ਨੋਡਲ ਅਫ਼ਸਰ ਤੇ 23 ਕਲੱਸਟਰ ਅਫਸਰ ਵੀ ਤਾਇਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਅਗਤੀਗਤ ਕਿਸਾਨਾਂ ਨੂੰ 09 ਬੇਲਰ, 09 ਰੇਕ, 68 ਸੁਪਰ ਸੀਡਰ, 09 ਜ਼ੀਰੋ ਟਿੱਲ ਡਰਿੱਲ, 02 ਮਲਚਰ, 03 ਸ਼ਰਬਕੱਟਰ , 05 ਐਮ.ਬੀ.ਪਲਾਓ , 02 ਐਂਸ.ਐਮ.ਐੱਸ., 03 ਚੋਪਰ ਕਮ ਸ਼ਰੈਡਰ ਦਿੱਤੇ ਗਏ ਹਨ।
ਐੱਸ.ਸੀ. ਵਰਗ ਤਹਿਤ 01 ਬੇਲਰ, 01 ਰੇਕ, 02 ਸੁਪਰ ਸੀਡਰ, 01 ਐਸ.ਐਮ.ਐਸ. ਅਤੇ 01 ਮਲਚਰ ਦਿੱਤਾ ਗਿਆ ਹੈ। ਇਸੇ ਤਰ੍ਹਾਂ 12 ਮਸ਼ੀਨਾਂ ਸਹਿਕਾਰੀ ਸਭਾਵਾਂ ਨੂੰ ਦਿੱਤੀਆਂ ਗਈਆਂ ਹਨ।
ਸ਼੍ਰੀਮਤੀ ਜੈਨ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਗਤ ਕਿਸਾਨਾਂ ਕੋਲ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਉਪਲਬੱਧ ਹੈ, ਉਹ ਕਿਸਾਨ ਆਪਣੀ ਬਿਜਾਈ ਕਰਨ ਤੋਂ ਬਾਅਦ ਦੂਸਰੇ ਕਿਸਾਨਾਂ ਨੂੰ ਕਿਰਾਏ ਤੇ ਖੇਤੀ ਮਸ਼ੀਨਰੀ ਦੇਣ ਤਾਂ ਜੋ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਨਾੜ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ/ ਹੈਪੀ ਸੀਡਰ ਰਾਹੀਂ ਕਰਨ ਉੱਪਰ ਜ਼ੋਰ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ਵਿੱਚੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਨੂੰ ਕਿਰਾਏ 'ਤੇ ਲੈ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਰਲਾ ਸਕਦੇ ਹਨ।
ਸ਼੍ਰੀਮਤੀ ਜੈਨ ਨੇ ਕਿਸਾਨਾਂ ਨੂੰ ਦੱਸਿਆ ਕਿ ਨਾੜ ਨੂੰ ਨਾ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋ ਨਹੀਂ ਕਰਨੀ ਪੈਂਦੀ ਅਤੇ ਅੱਗ ਨਾ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਜਿਹੜੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਦੇ ਹਨ, ਉਹ ਵੀ ਨਸ਼ਟ ਹੋਣ ਤੋਂ ਬਚ ਜਾਂਦੇ ਹਨ।
No comments:
Post a Comment