ਖਰੜ, 01 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਨਿਗਰਾਨੀ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਦੀ ਅਗਵਾਈ ਵਿਚ ਜਿਲ੍ਹੇ ਦੇ ਸਿਹਤ ਬਲਾਕ ਘੜੂੰਆਂ ਅਧੀਨ ਵੱਖ-ਵੱਖ ਸਿਹਤ ਕੇਂਦਰਾਂ ਵਲੋਂ ਡੇਂਗੂ ਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਸਿਹਤ ਕੇਂਦਰਾਂ, ਹੈਲਥ ਤੇ ਵੈਲਨੈਸ ਸੈਂਟਰਾਂ ਤੇ ਸਬ ਸੈਂਟਰਾਂ ਦੇ ਸਟਾਫ ਅਤੇ ਆਸ਼ਾ ਵਰਕਰਾਂ ਵਲੋਂ ਵੱਖ ਵੱਖ ਥਾਵਾਂ ਉਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣ, ਮੱਛਰ ਪੈਦਾ ਹੋਣ ਦੇ ਕਾਰਨ ਅਤੇ ਇਸ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ। ਪਿੰਡਾਂ ਵਿਚ ਪੰਚਾਇਤ ਅਤੇ ਪੇਂਡੂ ਸਿਹਤ ਸਫ਼ਾਈ ਤੇ ਖ਼ੁਰਾਕ ਕਮੇਟੀ ਦੇ ਮੈਂਬਰਾਂ ਨੂੰ ਵੀ ਮੁਹਿੰਮ ਬਾਰੇ ਸਿੱਖਿਅਤ ਕੀਤਾ ਗਿਆ।
ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।
No comments:
Post a Comment