ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸਤੰਬਰ 28 : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਫ਼ਤਰ ਵੱਲੋਂ 'ਸਮਕਾਲ ਵਿਚ ਭਗਤ ਸਿੰਘ ਦੀ ਵਿਚਾਰਧਾਰਾ' ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝ ਕੇ ਉਸਨੂੰ ਆਤਮਸਾਤ ਕਰਨ ਦੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਵੀ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ।
ਡਾ. ਕੁਲਦੀਪ ਸਿੰਘ ਦੀਪ ਵੱਲੋਂ 'ਸਮਕਾਲ ਵਿੱਚ ਭਗਤ ਸਿੰਘ ਦੀ ਵਿਚਾਰਧਾਰਾ' ਵਿਸ਼ੇ 'ਤੇ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਸਾਹਿਤ, ਸਮਾਜ, ਨੌਜਵਾਨ, ਰਾਜਨੀਤੀ ਆਦਿ ਸਬੰਧੀ ਵਿਚਾਰਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਆਖਿਆ ਕਿ ਭਗਤ ਸਿੰਘ ਦੀ ਹਿੰਦੁਸਤਾਨ ਦੇ ਇਨਕਲਾਬ ਵਿਚ ਬਹੁਤ ਵੱਡੀ ਭੂਮਿਕਾ ਹੈ ਇਸ ਲਈ ਉਹ ਇਕੱਲੇ ਪੰਜਾਬ ਦਾ ਨਹੀਂ ਸਗੋਂ ਪੂਰੀ ਦੁਨੀਆ ਦੇ ਸੰਘਰਸ਼ਸ਼ੀਲ ਲੋਕਾਂ ਦਾ ਨਾਇਕ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਚਿੰਤਨ ਅਤੇ ਹਥਿਆਰ ਵਿਚਲਾ ਫਰਕ ਸਮਝਣ ਦੀ ਲੋੜ ਹੈ ਕਿਉਂਕਿ ਭਗਤ ਸਿੰਘ ਚਿੰਤਨ ਦਾ ਨਾਂ ਹੈ। ਚਿੰਤਨ ਦੇ ਬਗੈਰ ਅਸੀਂ ਸਮਾਜ ਨੂੰ ਸਮਝਣ ਅਤੇ ਬਦਲਣ ਦੇ ਸਮਰੱਥ ਨਹੀਂ ਹੋ ਸਕਦੇ ਅਤੇ ਚਿੰਤਨ ਦੇ ਰਾਹ ਸਾਨੂੰ ਪੁਸਤਕਾਂ ਤੋਰਦੀਆਂ ਹਨ। ਪੁਸਤਕ ਰੂਪੀ ਬੰਦੂਕ ਰਾਹੀਂ ਹੀ ਅਸੀਂ ਅਦਿੱਖ ਦੁਸ਼ਮਣ ਦੀ ਪਛਾਣ ਕਰਕੇ ਸਹੀ ਮਾਅਨਿਆਂ ਵਿਚ ਆਜ਼ਾਦ ਹੋ ਸਕਦੇ ਹਾਂ।
ਇਨ੍ਹਾਂ ਤੋਂ ਇਲਾਵਾ ਵਿਦਿਆਰਥਣਾਂ 'ਚੋਂ ਹਰਜੋਤ ਕੌਰ, ਮਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਵੱਲੋਂ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੀਤ 'ਅੱਜ ਲੋੜ ਦੇਸ ਨੂੰ ਭਗਤ ਸਿੰਘ ਤੇ ਵੀਰ ਸਰਾਭੇ ਦੀ' ਪੇਸ਼ ਕੀਤਾ ਗਿਆ। ਇਸ ਮੁਕੱਦਸ ਮੌਕੇ ਸਮੂਹ ਸਟੈਨੋਗ੍ਰਾਫ਼ੀ ਸਿਖਿਆਰਥੀਆਂ ਤੋਂ ਇਲਾਵਾ ਰਾਜਿੰਦਰ ਸਿੰਘ ਧੀਮਾਨ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਗੁਰਚਰਨ ਸਿੰਘ ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨ ਡਾ. ਕੁਲਦੀਪ ਸਿੰਘ ਦੀਪ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸ੍ਰੋਤਿਆਂ ਨੂੰ ਸਮਾਗਮ ਦਾ ਹਿੱਸਾ ਬਣਨ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
No comments:
Post a Comment