SBP GROUP

SBP GROUP

Search This Blog

Total Pageviews

ਡੇਂਗੂ ’ਤੇ ਵਾਰ : ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ’ਚ ਚੈਕਿੰਗ

ਸਿਵਲ ਸਰਜਨ ਨੇ ਅਧਿਕਾਰੀਆਂ ਨਾਲ ਮੈਕਸ ਹਸਪਤਾਲ ਵਿਚ ਕੀਤਾ ਨਿਰੀਖਣ

ਐੱਸ.ਏ.ਐੱਸ.ਨਗਰ, 22ਸਤੰਬਰ  : ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਜਾ ਕੇ ਨਿਰੀਖਣ ਕੀਤਾ, ਜਿਸ ਦੌਰਾਨ ਟੀਮ ਨੂੰ 3 ਥਾਵਾਂ ਤੋਂ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਮਿਲਿਆ। 


ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਅਗਲੀ ਵਾਰ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ। ਹਸਪਤਾਲ ਪ੍ਰਬੰਧਕਾਂ ਅਤੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ। ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਵਿਚ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦਸਿਆ ਕਿ ਜਿਥੇ-ਜਿਥੇ ਵੀ ਲਾਰਵਾ ਮਿਲਿਆ, ਉਥੇ ਚੇਤਾਵਨੀ ਦਿਤੀ ਗਈ ਅਤੇ ਦੁਬਾਰਾ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ।


        ਸਿਵਲ ਸਰਜਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।


     ਡਾ. ਮਹੇਸ਼ ਕੁਮਾਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ, ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।  


ਡੇਂਗੂ ਬੁਖ਼ਾਰ ਦੇ ਲੱਛਣ

 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

ਫ਼ੋਟੋ : ਮੈਕਸ ਹਸਪਤਾਲ ਵਿਚ ਜਾਂਚ ਕਰਦੇ ਹੋਏ ਸਿਵਲ ਸਰਜਨ ਤੇ ਹੋਰ ਅਧਿਕਾਰੀ।

No comments:


Wikipedia

Search results

Powered By Blogger