ਐਸ.ਐਸ.ਨਗਰ, 25 ਅਕਤੂਬਰ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਹੋਈਆਂ ਹਨ, ਜਿਨ੍ਹਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰਸ਼ਾਸਨ ਨਾਜਾਇਜ਼ ਮਾਈਨਿੰਗ ਦੀ ਜੜ੍ਹ ਪੁੱਟਣ ਲਈ ਸਰਗਰਮ ਹੈ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਐੱਸ. ਤਿੜਕੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਨਿੰਗ ਸਬੰਧੀ ਸੱਦੀ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਹੁਣ ਤਕ ਨਾਜਾਇਜ਼ ਮਾਈਨਿੰਗ ਸਬੰਧੀ 27 ਕੇਸ ਦਰਜ ਕੀਤੇ ਗਏ ਹਨ। 84 ਵਾਹਨਾਂ ਦੇ ਚਲਾਨ ਕਰ ਕੇ 127.50 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ, ਜਿਸ ਵਿਚੋਂ 90.50 ਲੱਖ ਦੀ ਰਿਕਵਰੀ ਕੀਤੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮਾਈਨਿੰਗ ਕੇਸਾਂ ਬਾਬਤ ਜਾਇਦਾਦਾਂ ਅਟੈਚ ਕਰ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਈਨਿੰਗ ਵਿਚ ਲੱਗੇ ਵਾਹਨਾਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਤੇ ਚਲਾਨ ਕੱਟਣ ਵਿਚ ਢਿੱਲ ਨਾ ਵਰਤੀ ਜਾਵੇ। ਵੱਖੋ-ਵੱਖ ਮਾਈਨਿੰਗ ਸਾਈਟਸ ਉੱਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਗਤੀਵਿਧੀ ਹੋਣ ਜਾਂ ਅਜਿਹੀ ਗਤੀਵਿਧੀ ਦੀ ਕੋਸ਼ਿਸ਼ ਹੋਣ ਉੱਤੇ ਵੀ ਫੌਰੀ ਸਖ਼ਤ ਕਾਰਵਾਈ ਕੀਤੀ ਜਾਵੇ।
ਸ਼੍ਰੀ ਤਿੜਕੇ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ਤੱਕ ਸੂਚਨਾ ਪ੍ਰਣਾਲੀ ਦਰੁਸਤ ਰੱਖੀ ਜਾਵੇ ਤੇ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਦੇ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜੇਕਰ ਕੋਈ ਅਧਿਕਾਰੀ ਇਸ ਸਬੰਧੀ ਢਿੱਲ ਵਰਤੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮਾਈਨਿੰਗ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਟਾਂਗਰੀ 1, 2 ਅਤੇ 3 ਸਾਈਟਸ ਭਲਕ ਤੋਂ ਮਾਈਨਿੰਗ ਲਈ ਖੁੱਲ੍ਹ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਲਾਭ ਹੋਵੇਗਾ।
ਇਸ ਮੌਕੇ ਐੱਸ.ਡੀ.ਐਮ., ਡੇਰਾਬਸੀ, ਸ਼੍ਰੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ., ਮੋਹਾਲੀ ਚੰਦਰ ਜੋਤੀ ਸਿੰਘ, ਸੀ.ਐਮ.ਐੱਫ.ਓ. ਸ਼੍ਰੀ ਇੰਦਰਪਾਲ, ਜ਼ਿਲ੍ਹਾ ਮਾਲ ਅਫਸਰ ਅਮਨਦੀਪ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ
No comments:
Post a Comment