ਸਿਹਤ ਅਧਿਕਾਰੀਆਂ ਵਲੋਂ ਲੋਕਾਂ ਨੂੰ ਅਗਲੇ 20-25 ਦਿਨ ਚੌਕਸ ਰਹਿਣ ਦੀ ਅਪੀਲ
ਐਸ.ਏ.ਐਸ ਨਗਰ, 30 ਅਕਤੂਬਰ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2,32,000 ਘਰਾਂ ਅਤੇ ਹੋਰ ਥਾਵਾਂ ਦਾ ਸਰਵੇਖਣ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 5400 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1844 ਚਲਾਨ ਕੀਤੇ ਗਏ ਹਨ। ਸਿਹਤ ਅਧਿਕਾਰੀਆਂ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦਾ ਮੁਆਇਨਾ ਕੀਤਾ ਜਿਸ ਦੌਰਾਨ ਦੌਰਾਨ 756118 ਕੰਟੇਨਰ ਚੈੱਕ ਕੀਤੇ ਗਏ ਅਤੇ 7403 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।
ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਬਚਾਅ ਲਈ ਅਪੀਲ ਕਰਦਿਆਂ ਕਿਹਾ ਕਿ ਅਗਲੇ 20-25 ਦਿਨ ਚੌਕਸ ਰਹਿਣ ਦੀ ਲੋੜ ਹੈ। ਜਿਉਂ-ਜਿਉਂ ਮੌਸਮ ਠੰਢਾ ਹੁੰਦਾ ਜਾਵੇਗਾ, ਤਿਉਂ-ਤਿਉਂ ਡੇਂਗੂ ਦਾ ਖ਼ਤਰਾ ਘਟਦਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਹੈ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਚਾਅ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ।
ਸਿਹਤ ਅਧਿਕਾਰੀਆਂ ਨੇ ਆਖਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਹੋ ਜਾਂਦਾ ਹੈ ਅਤੇ ਬਲੱਡ ਪਲੇਟਲੈਟਸ ਘੱਟ ਜਾਂਦੇ ਹਨ ਤਾਂ ਘਬਰਾਉਣ ਦੀ ਲੋੜ ਨਹੀਂ। ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਪਲੇਟਲੈੱਟਸ ਘੱਟ ਜਾਂਦੇ ਹਨ। ਇਸ ਹਾਲਤ ’ਚ ਮਰੀਜ਼ ਨੂੰ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ।
No comments:
Post a Comment