ਡੇਰਾਬੱਸੀ, 22 ਦਸੰਬਰ : ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬਸੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੋ ਦਿਨਾਂ ਦੀ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਲੋਕਾਂ ਖਾਸ ਕਰਕੇ ਬਜ਼ੁਰਗਾਂ ਦੀ ਬਹੁਤ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਮੁਖ ਮੰਤਰੀ ਤੀਰਥ ਯਾਤਰਾ ਦਾ ਪ੍ਰਬੰਧ ਕਰਕੇ ਇਨ੍ਹਾਂ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ।
ਵਿਧਾਇਕ ਕੁਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਨਾਭਾ ਸਾਹਿਬ ਤੋਂ ਇਕ ਬੱਸ ਸ੍ਰੀ ਅੰਮ੍ਰਿਤਸਰ-ਤਲਵੰਡੀ ਸਾਬੋ ਦੀ ਧਾਰਮਿਕ ਯਾਤਰਾ ਲਈ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅੱਜ ਰਵਾਨਾ ਹੋਇਆ ਸ਼ਰਧਾਲੂਆਂ ਦਾ ਜੱਥਾ ਵੀ ਦੋ ਦਿਨ ਇਸ ਯਾਤਰਾ 'ਤੇ ਰਹੇਗਾ ਅਤੇ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੜਾਅ ਕਰੇਗਾ।
ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ, ਵਿਧਾਇਕ ਨੇ ਸਰਕਾਰ ਵੱਲੋਂ ਹਰੇਕ ਸ਼ਰਧਾਲੂ ਨੂੰ ਕੰਬਲ, ਬੈੱਡਸ਼ੀਟ, ਸਿਰਹਾਣੇ ਤੋਂ ਇਲਾਵਾ ਟਾਇਲਟਰੀ ਕਿੱਟਾਂ ਸੌਂਪੀਆਂ। ਸ਼ਰਧਾਲੂਆਂ ਦੀ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਉਨ੍ਹਾਂ ਦੀ ਪੂਰੀ ਤਰ੍ਹਾਂ ਮੈਡੀਕਲ ਜਾਂਚ ਵੀ ਕੀਤੀ ਗਈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਲੋੜ ਪੈਣ 'ਤੇ ਰਸਤੇ ਵਿਚ ਮੈਡੀਕਲ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਇਸ ਦੇ ਲਈ ਰੂਟ 'ਤੇ ਸਥਿਤ ਸਰਕਾਰੀ ਸਿਹਤ ਸਹੂਲਤ ਸੰਸਥਾਵਾਂ ਨੂੰ ਪਹਿਲਾਂ ਹੀ ਅਲਰਟ 'ਤੇ ਰੱਖਿਆ ਗਿਆ ਹੈ।
ਇਸ ਮੌਕੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਜੋ ਕਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਾਇਬ ਤਹਿਸੀਲਦਾਰ ਹਰਿੰਦਰਪਾਲ ਸਿੰਘ ਨਾਲ ਮੌਕੇ 'ਤੇ ਮੌਜੂਦ ਸਨ, ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪੂਰੀ ਕੋਸ਼ਿਸ਼ ਕੀਤੀ ਗਈ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਦਾ ਹਿੱਸਾ ਬਣਨ ਲਈ ਅਤਿ ਉਤਸ਼ਾਹਿਤ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਅਜਿਹੇ ਲੋਕ ਪੱਖੀ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤੇ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ ਸਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਲਈ ਅੱਜ ਦਾ ਦਿਨ ਖੁਸ਼ੀਆਂ ਨਾਲ ਭਰਿਆ ਹੋਇਆ ਹੈ।
No comments:
Post a Comment