ਮੋਰਿੰਡਾ 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਏਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬਜਾਦਾ ਬਾਬਾ ਜੁਝਾਰ ਸਿੰਘ ਸਮੇਤ 40 ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਉਸ ਸਮੇਂ ਦੌਰਾਨ ਸਿੱਖ ਪੰਥ ਦੀਆਂ ਭਾਵਨਾਵਾਂ ਅਨੁਸਾਰ ਜੋ ਵੀ ਕਾਰਵਾਈਆਂ ਦੌਰਾਨ ਕੀਤੀਆਂ, ਉਹ ਉਨਾਂ ਦੀ ਕਾਨੂੰਨ ਅਨੁਸਾਰ ਜੋ ਸਜ਼ਾ ਬਣਦੀ ਸੀ ਉਹ ਉਸ ਤੋਂ ਵੀ ਵੱਧ ਭੁਗਤ ਚੁੱਕੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਲੋਕ ਸਭਾ ਵਿੱਚ ਦਿੱਤੇ ਬਿਆਨ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਮੰਤ ਰਜੀਵ ਗਾਂਧੀ ਦੇ ਕਾਤਲਾਂ ਨੂੰ ਅਤੇ ਬਲਿਕਸ ਬਾਨੋ ਕੇਸ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਸਮੇਂ ਤੋਂ ਪਹਿਲਾਂ ਛੱਡਿਆ ਜਾ ਸਕਦਾ ਹੈ ਤਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਿਉਂ ਨਹੀਂ ਕੀਤਾ ਜਾ ਰਿਹਾ ? ਬਾਦਲ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੇ ਉਸ ਸਮੇਂ ਸਿੱਖ ਪੰਥ ਦੇ ਜਜ਼ਬਾਤਾਂ ਦੀ ਕਦਰਦਾਨੀ ਕੀਤੀ ਜਦੋਂ ਸਮੇਂ ਦੇ ਹਾਕਮਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਨਾਲ ਢਹਿ ਢੇਰੀ ਕਰ ਦਿੱਤਾ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਹੋਰ ਸੂਬਿਆਂ ਵਿੱਚ ਲੱਖਾਂ ਦੀ ਤਾਦਾਦ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਪ੍ਰੰਤੂ ਸਮੇਂ ਦੇ ਹਾਕਮਾਂ ਵੱਲੋਂ ਇਹਨਾਂ ਕਾਤਲਾਂ ਦੀ ਸਰਪਸਤੀ ਕੀਤੀ ਗਈ ਜਿਸ ਕਾਰਨ ਕਿਸੇ ਨੂੰ ਕੋਈ ਸਜ਼ਾ ਨਹੀਂ ਹੋਈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਬੰਦੀ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਅਤੇ ਕਾਨੂੰਨ ਅਨੁਸਾਰ ਇਨਸਾਫ ਦੀ ਮੰਗ ਕਰ ਰਿਹਾ ਹੈ।
ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਕਦਰ ਕਰਦਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਜਨਮ ਦਿਹਾੜੇ ਮੌਕੇ ਸਾਲ 2019 ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਅੱਠ ਬੰਦੀ ਸਿੰਘਾਂ ਨੂੰ ਰਿਹਾ ਕਰਨ ਸਬੰਧੀ ਜਾਰੀ ਚਿੱਠੀ ਨੂੰ ਅਮਲੀ ਰੂਪ ਦੇਣ ਲਈ ਨਿੱਜੀ ਦਖਲ ਦੇਣਾ ਚਾਹੀਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਕਰਨ ਸਬੰਧੀ ਕੀਤੇ ਇੱਕ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਸੋਚ ਅਤੇ ਜਜ਼ਬਾਤਾਂ ਦੀ ਤਰਜਮਾਨੀ ਕਰਨ ਵਾਲੀ ਪ੍ਰਤੀਨਿਧ ਜਮਾਤ ਹੈ ਇਸ ਲਈ ਸਿੱਖ ਕੌਮ ਅਤੇ ਪੰਜਾਬ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਸਮੇਂ ਦੀ ਲੋੜ ਹੈ ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਵੀ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ, ਸ਼੍ਰੋਮਣੀ ਅਕਾਲੀ ਦਲ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਕਰੇਗਾ। ਇਸ ਤੋਂ ਪਹਿਲਾਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਾਥੀਆਂ ਵੱਲੋਂ ਨਾਲ ਮੇਰੀ ਦਸਤਾਰ ਮੇਰੀ ਸ਼ਾਨ ਮਹਿਮ ਤਹਿਤ ਕਰਵਾਏ ਦਸਤਾਰਬੰਦੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਨੌਜਵਾਨਾਂ ਦੀ ਹੌਸਲਾ ਹਫਜ਼ਾਈ ਕੀਤੀ , ਜਿਸ ਉਪਰੰਤ ਬਾਦਲ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਦੀਵਾਨ ਹਾਲ ਵਿੱਚ ਬੈਠੀ ਸੰਗਤ ਨਾਲ ਕੀਰਤਨ ਸਰਵਣ ਕੀਤਾ।
No comments:
Post a Comment