ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਵਚਨਬੱਧ ਹੈ।
ਅੱਜ ਖਰੜ ਹਲਕੇ ਦੇ ਪਿੰਡ ਪਲਹੇੜੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਸਾਡੀ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਵਿੱਚ ਕ੍ਰਿਕੇਟ ਪਿੱਚ, ਵਾਲੀਬਾਲ ਗਰਾਊਂਡ ਤੋਂ ਇਲਾਵਾ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਵਾਕਿੰਗ ਟਰੈਕ ਹੈ ਤਾਂ ਜੋ ਸਾਰੇ ਪਿੰਡ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਲਾਭ ਮਿਲ ਸਕੇ। ਉਨ੍ਹਾਂ ਬੀਡੀਪੀਓ ਨੂੰ ਕਿਹਾ ਕਿ ਇੱਥੇ ਇੱਕ ਓਪਨ ਜਿੰਮ ਵੀ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕ ਵਿਹਲੇ ਸਮੇਂ ਇੱਥੇ ਕਸਰਤ ਕਰ ਸਕਣ।
ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਪ੍ਰੋਜੈਕਟਾਂ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਅਤੇ ਨਾਲ ਲੱਗਦਾ ਪਾਰਕ, 19 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਸੀਵਰੇਜ ਦੇ ਪਾਣੀ ਦਾ ਨਿਕਾਸ ਸਿਸਟਮ, 17 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਪਾਰਕ ਸ਼ਾਮਲ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਮੁੱਖ ਸੜਕ ਪੱਕਾ ਹੋਣ ਤੋਂ ਰਹਿੰਦੇ ਕੱਚੇ ਲਿੰਕ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਨਿਊ ਚੰਡੀਗੜ੍ਹ ਖੇਤਰ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਹੋਣ ਦੇ ਨਾਤੇ ਉਹ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਈਆਂ ਗਈਆਂ ਨਿਵੇਸ਼ ਨੀਤੀਆਂ ਨੇ ਇਸ ਖੇਤਰ ਵਿੱਚ ਥੀਮ ਪਾਰਕ ਵਰਗੇ ਵੱਡੇ ਪ੍ਰੋਜੈਕਟਾਂ ਲਈ ਰਾਹ ਪੱਧਰਾ ਕੀਤਾ ਹੈ।
ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਰਾਸ਼ਟਰ ਦੇ ਆਜ਼ਾਦੀ ਨਾਇਕਾਂ ਸਰਦਾਰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੀ ਤਸਵੀਰ 'ਤੇ ਆਧਾਰਿਤ ਝਾਕੀ ਨੂੰ ਪਰੇਡ ਲਈ ਨਹੀਂ ਵਿਚਾਰਿਆ ਗਿਆ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਸਮੇਤ ਪਿੰਡ ਦੀ ਪੰਚਾਇਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।
No comments:
Post a Comment