ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ :ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ, ਭਾਵੇਂ ਇਹ ਮੁਫਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ, ਨੌਜੁਆਨਾਂ ਨੂੰ ਰੋਜ਼ਗਾਰ ਦੇਣ ਅਤੇ ਬਹੁਤ ਸਾਰੇ ਹੋਰ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ 'ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸਨ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ।
ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਦੋ ਰੋਜ਼ਾ ਧਾਰਮਿਕ ਯਾਤਰਾ ਲਈ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਹਰੇਕ ਸ਼ਰਧਾਲੂ ਨੂੰ ਇੱਕ ਕੰਬਲ, ਇੱਕ ਸਿਰਹਾਣਾ ਅਤੇ ਇੱਕ ਬੈੱਡਸ਼ੀਟ ਤੋਂ ਇਲਾਵਾ ਟਾਇਲਟਰੀ ਕਿੱਟ ਸਮੇਤ ਇੱਕ- ਇੱਕ ਕਿੱਟ ਵੀ ਸੌਂਪੀ। ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਸਾਲਾਸਰ ਧਾਮ ਵਿਖੇ ਰਾਤ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ।
ਇੱਕ ਸ਼ਰਧਾਲੂ ਰਾਣੀ ਕੌਸ਼ਿਕ, ਜੋ ਅੱਜ ਦੇ ਤੀਰਥ ਯਾਤਰਾ ਸਮੂਹ ਦਾ ਹਿੱਸਾ ਬਣਨ ਦਾ ਮੌਕਾ ਮਿਲਣ 'ਤੇ ਖੁਸ਼ੀ ਦੇ ਆਲਮ ਵਿੱਚ ਸੀ, ਨੇ ਕਿਹਾ ਕਿ ਉਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਮੁਫਤ ਧਾਰਮਿਕ ਯਾਤਰਾ ਦੇ ਮੌਕੇ ਦਾ ਲਾਭ ਦੇਣ ਲਈ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਫੈਸਲਾ ਉਨ੍ਹਾਂ ਵਰਗੇ ਬਹੁਤ ਸਾਰੇ ਸ਼ਰਧਾਲੂਆਂ ਲਈ ਨਿਸ਼ਚਿਤ ਤੌਰ 'ਤੇ ਲਾਹੇਵੰਦ ਸਾਬਤ ਹੋਵੇਗਾ, ਜੋ ਆਪਣੇ ਪਵਿੱਤਰ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਾ ਚਾਹੁੰਦੇ ਹਨ।
No comments:
Post a Comment