ਚੰਡੀਗੜ੍ਹ, 15 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।
ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।
ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ।
ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।
ਜਦੋਂ ਤੋਂ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਹਨ, ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਹੈ। ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਖ਼ਬਰ ਸੁਣਦਿਆਂ ਹੀ ਪਾਰਟੀ ਦੇ ਸਾਰੇ ਆਗੂਆਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
No comments:
Post a Comment