ਚੰਡੀਗੜ੍ਹ, 14 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਦੱਸ ਦੇਈਏ ਕਿ ਘੁਬਾਇਆ ਨੇ ਇੱਕ ਮੀਟਿੰਗ ਦੌਰਾਨ ਇਹ ਗੱਲ ਕਹੀ ਸੀ ਕਿ ਮੈਨੂੰ ਪਤਾ ਹੈ ਕਿ ਕਿਸ ਨੇ ਕਾਂਗਰਸ ਨੂੰ ਵੋਟ ਪਾਈ ਹੈ ਅਤੇ ਕਿਸ ਨੇ ਨਹੀਂ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਆਪਣੇ ਵੋਟਰਾਂ ਅਤੇ ਵਰਕਰਾਂ ਲਈ ਕੰਮ ਕਰਨਗੇ।
ਇਸ ਬਿਆਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ 'ਚ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਘੁਬਾਇਆ ਦਾ ਬਿਆਨ ਸਿੱਧੇ ਤੌਰ 'ਤੇ ਜਨਤਾ ਨੂੰ ਧਮਕੀ ਦੇਣ ਵਾਲਾ ਹੈ। ਉਨ੍ਹਾਂ ਦਾ ਬਿਆਨ ਪੂਰੀ ਤਰ੍ਹਾਂ ਗੈਰ-ਜਮਹੂਰੀ ਹੈ।
ਮਲਵਿੰਦਰ ਕੰਗ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੀ ਪਸੰਦ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੰਦਾ ਹੈ। ਸ਼ੇਰ ਸਿੰਘ ਘੁਬਾਇਆ ਜਲਦੀ ਹੀ ਸੰਵਿਧਾਨ ਦੀ ਸਹੁੰ ਚੁੱਕਣਗੇ, ਪਰੰਤੂ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਹੁੰਦਾ ਹੈ ਕਿ ਉਹ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੇ ਅਤੇ ਨਾ ਹੀ ਉਨ੍ਹਾਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਵਿੱਚ ਕੋਈ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਦੀ 7 ਸੀਟਾਂ ਜਿੱਤਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਹੰਕਾਰ ਹੋ ਗਿਆ ਹੈ। ਕੰਗ ਨੇ ਕਾਂਗਰਸ ਪਾਰਟੀ ਨੂੰ ਘੁਬਾਇਆ ਦੇ ਬਿਆਨ 'ਤੇ ਸਪੱਸ਼ਟੀਕਰਨ ਦੇਣ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਇਸ ਲਈ ਜਨਤਾ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਲੋਕਤੰਤਰੀ ਪ੍ਰਕਿਰਿਆ ਰਾਸ ਨਹੀਂ ਆ ਰਹੀ, ਸ਼ਾਇਦ ਇਸੇ ਲਈ ਉਹ ਵੋਟਰਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ, ਜਦੋਂਕਿ ਉਹ ਇਕ ਸੰਸਦ ਮੈਂਬਰ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਲੋਕਾਂ ਨਾਲ ਵਿਤਕਰਾ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ। ਜਨਤਾ ਨੇ ਕਿਸੇ ਨੂੰ ਵੀ ਵੋਟ ਪਾਈ ਹੋਵੇ, ਪਰ ਹੁਣ ਉਹ ਆਪਣੇ ਲੋਕ ਸਭਾ ਹਲਕੇ ਦੇ ਸਾਰੇ ਲੋਕਾਂ ਦੇ ਐਮ.ਪੀ. ਹਨ। ਘੁਬਾਇਆ ਨੂੰ ਲੋਕਤੰਤਰੀ ਪ੍ਰਕਿਰਿਆ ਦਾ ਸਤਿਕਾਰ ਕਰਨਾ ਚਾਹੀਦਾ ਹੈ।
No comments:
Post a Comment