ਮੋਹਾਲੀ, 10 ਜੂਨ, : ਬੀਤੇ ਦਿੱਲੀ ਫਿਲਮੀ ਆਦਾਕਾਰਾ ਅਤੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੀਟ ਉਤੇ ਚੋਣ ਜਿੱਤੀ ਕੰਗਨਾ ਰਣੌਤ ਦੇ ਏਅਰਪੋਰਟ ਉਤੇ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਵੱਲੋਂ ਮਾਰੇ ਥੱਪੜ ਉਤੇ ਮੁੱਖ ਮੰਤਰੀ ਭਗਵੰਤ ਮਾਨ ਖੁੱਲ੍ਹ ਕੇ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੇਸ਼ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ ਕਿਉਂਕਿ ਭਾਜਪਾ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਅਸਫ਼ਲ ਰਹੀ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਅਗਨੀਵੀਰ ਦੀ ਲੋਕ ਵਿਰੋਧੀ ਸਕੀਮ ਨੂੰ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗਣ ਬਾਰੇ ਪੁੱਛੇ ਜਾਣ 'ਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਹ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਨਵੀਂ ਸਰਕਾਰ 'ਚ ਆਪਣਾ ਵਿਭਾਗ ਬਰਕਰਾਰ ਰੱਖਣ 'ਤੇ ਧਿਆਨ ਦੇਣਾ ਚਾਹੀਦਾ ਹੈ।
No comments:
Post a Comment