ਮੋਹਾਲੀ, 17 ਜੁਲਾਈ : ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸ. ਹਰਭਜਨ ਸਿੰਘ, ਈ.ਟੀ.ਓ., ਲੋਕ ਨਿਰਮਾਣ, ਬਿਜਲੀ ਵਿਭਾਗ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਇਸ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਆਮ ਲੋਕਾਂ ਨੂੰ ਵਾਤਾਵਰਨ ਦੀ ਮਹਤੱਤਾ ਬਾਰੇ ਦੱਸਿਆ ਗਿਆ ਅਤੇ ਬੂਟੇ ਵੀ ਵੰਡੇ ਗਏ। ਸ. ਬਰਸਟ ਨੇ ਦੱਸਿਆ ਕਿ ਵਾਤਾਵਰਨ ਵਿੱਚ ਜੋ ਤਬਦੀਲੀਆਂ ਆ ਰਹੀਆਂ ਹਨ, ਉਹ ਸਾਨੂੰ ਸਿੱਧੇ ਤੌਰ ਤੇ ਇਹ ਸੰਕੇਤ ਦੇ ਰਹੀਆਂ ਹਨ ਕਿ ਦਿਨੋਂ-ਦਿਨ ਲੋਕ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਨ।
ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਗਰਮੀ ਵਿੱਚ ਹੋ ਰਹੇ ਵਾਧੇ ਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਰੁੱਖ ਮਨੁੱਖ ਦੀ ਹਰ ਜਰੂਰਤ ਨੂੰ ਪੂਰਾ ਕਰਦੇ ਹਨ, ਖਾਸ ਕਰਕੇ ਜਿਉਣ ਲਈ ਆਕਸੀਜਨ ਦਿੰਦੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਵੀ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸਾਹਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 30 ਹਜਾਰ ਬੂਟੇ ਲਗਾਉਣ ਦਾ ਟੀਚਾ ਸੀ, ਜਦਕਿ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਕਰੀਬ 33 ਹਜਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ।
ਮੁੱਖ ਮਹਿਮਾਨ ਸ. ਹਰਭਜਨ ਸਿੰਘ, ਈ.ਟੀ.ਓ., ਲੋਕ ਨਿਰਮਾਣ, ਬਿਜਲੀ ਵਿਭਾਗ ਮੰਤਰੀ ਪੰਜਾਬ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਲਗਾਏ ਜਾ ਰਹੇ ਪੌਦਿਆਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਰੁੱਖਾਂ ਦਾ ਅਹਿਮ ਰੋਲ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵੱਧ ਲਾਭਕਾਰੀ ਹੈ, ਕਿਉਂਕਿ ਇਹਨਾਂ ਦਿਨਾਂ ਵਿੱਚ ਲਗਾਏ ਪੌਦੇ ਬੜੀ ਆਸਾਨੀ ਨਾਲ ਚੱਲ ਪੈਂਦੇ ਹਨ।
ਪਰ ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੋਟਰਾਂ ਤੇ 5-5 ਬੂਟੇ ਜਰੂਰ ਲਗਾਉਣ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ. ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।
No comments:
Post a Comment