ਰੂਪਨਗਰ 01 ਜੁਲਾਈ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2024 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਸਮੂਹ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਅਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਐਸ.ਡੀ.ਐਮ ਪਿਛਲੇ ਸਾਲ ਮਾਨਸੂਨ ਦੌਰਾਨ ਪ੍ਰਭਾਵਤ ਹੋਏ ਪਿੰਡਾਂ ਦਾ ਦੌਰਾ ਕਰਨਗੇ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਤੋਂ ਸੁਝਾਅ ਲੈਣਗੇ ਕਿ ਕਿਵੇਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਯੁਕਤ ਰੂਪ ਵਿਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਨਿਪਟਿਆ ਜਾ ਸਕੇ।
ਮੀਟਿੰਗ ਵਿਚ ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਕਲੋਰੀਨ ਅਤੇ ਦਵਾਈਆਂ ਦੇ ਮੁਕੰਮਲ ਭੰਡਾਰ ਯਕੀਨੀ ਕਰਨ ਦੀ ਹਦਾਇਤ ਕੀਤੀ ਅਤੇ ਬਿਜਲੀ ਵਿਭਾਗ ਨੂੰ ਵੀ ਹਰ ਪੱਧਰ ਉਤੇ ਪੁੱਖਤਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਹੜ ਤੋਂ ਸੁਰੱਖਿਆ ਸਬੰਧੀ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਐਸ.ਡੀ.ਐਮ ਨੂੰ ਆਪਣੇ ਇਲਾਕਿਆਂ ਵਿਚ ਜਾ ਕੇ ਡਰੇਨਾਂ, ਚੋਏ, ਖੱਡਾਂ, ਚੈੱਕ ਡੈਮ ਦੇ ਬੰਨ੍ਹਾਂ ਅਤੇ ਸਫਾਈ ਲਈ ਕੀਤੀ ਜਾ ਰਹੇ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਵੀ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮੌਜੂਦ ਜੇ.ਸੀ.ਬੀ, ਪੋਕਲੇਨ ਮਸ਼ੀਨਾਂ ਅਤੇ ਪੈਟਰੋਲ ਪੰਪਾਂ ਦੇ ਵੇਰਵੇ ਤੁਰੰਤ ਪੇਸ਼ ਕੀਤੇ ਜਾਣ ਤਾਂ ਜੋ ਲੋੜ ਪੈਣ ਉਤੇ ਇਨ੍ਹਾਂ ਮਸ਼ੀਨਾਂ ਦੀ ਯੋਗ ਵਰਤੋਂ ਕੀਤੀ ਜਾ ਸਕੇ। ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਡਰੇਨਾਂ, ਨਾਲਿਆਂ ਦੀ ਸਫ਼ਾਈ, ਟੁੱਟੀਆਂ ਪੁਲੀਆਂ ਤੇ ਸੜਕਾਂ ਨੂੰ ਠੀਕ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ ਅਤੇ ਡਰੇਨੇਜ ਵਿਭਾਗ ਆਪਸ ਵਿੱਚ ਵਿਚਾਰ ਵਟਾਂਦਰੇ ਕਰਦੇ ਹੋਏ, ਆਉਣ ਵਾਲੀ ਸਮੱਸਿਆ ਦਾ ਹੱਲ ਯਕੀਨੀ ਕਰਨ ਲਈ ਮਿਲ ਕੇ ਕੰਮ ਕਰਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ, ਐਸ.ਡੀ.ਐਮ ਅਨੰਦਪੁਰ ਸਾਹਿਬ ਰਾਜਪਾਲ ਸਿੰਘ ਸੇਖੋ, ਐਸ.ਡੀ.ਐਮ ਮੋਰਿੰਡਾ/ਮੁੱਖ ਮੰਤਰੀ ਫੀਡਲ ਅਫਸਰ ਸੁਖਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
No comments:
Post a Comment