SBP GROUP

SBP GROUP

Search This Blog

Total Pageviews

ਮੋਹਾਲੀ ਪ੍ਰਸ਼ਾਸਨ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ

ਹਸਪਤਾਲਾਂ ਵਿੱਚ ਪ੍ਰਦਰਸ਼ਿਤ ਕੀਤੇ ਜਾਣ ਵਾਲੇ ਨੇੜਲੇ ਪੁਲਿਸ ਚੌਂਕੀ/ਸਟੇਸ਼ਨ ਦੇ ਸੰਪਰਕ ਨੰਬਰ 

ਐਸ.ਏ.ਐਸ.ਨਗਰ, 10 ਸਤੰਬਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਹਾਲੀ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਬੋਰਡ ਦੀ ਅਗਵਾਈ ਡਿਪਟੀ ਕਮਿਸ਼ਨਰ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਐਸ ਐਸ ਪੀ, ਸਿਵਲ ਸਰਜਨ, ਪ੍ਰਿੰਸੀਪਲ/ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।


      ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਕਰਨ ਉਪਰੰਤ ਐਸ ਐਸ ਪੀ ਦੀਪਕ ਪਾਰੀਕ ਨਾਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ (24x7 ਸਿਹਤ ਸਹੂਲਤ ਵਜੋਂ ਕੰਮ ਕਰ ਰਹੇ) ਦਾ ਸੁਰੱਖਿਆ ਆਡਿਟ ਕਰਨ ਦੇ ਹੁਕਮ ਦਿੱਤੇ ਗਏ ਹਨ।

      ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਸਥਾਨਕ ਪੱਧਰ 'ਤੇ ਬਣਾਈ ਜਾ ਰਹੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਾਲੀ ਹਸਪਤਾਲ ਸੁਰੱਖਿਆ ਅਤੇ ਹਿੰਸਾ ਰੋਕਥਾਮ ਕਮੇਟੀ ਵੱਲੋਂ ਸੁਰੱਖਿਆ ਆਡਿਟ ਕੀਤਾ ਜਾਵੇਗਾ। ਉਪ ਮੰਡਲ ਮੈਜਿਸਟ੍ਰੇਟਾਂ ਨੂੰ ਅਗਲੇ 10 ਦਿਨਾਂ ਤੱਕ ਸੁਰੱਖਿਆ ਆਡਿਟ ਮੁਕੰਮਲ ਕਰਨ ਲਈ ਇਨ੍ਹਾਂ ਸਾਰੀਆਂ ਸਿਹਤ ਸਹੂਲਤਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਲਈ ਕਿਹਾ ਗਿਆ ਹੈ।

      ਇਸੇ ਤਰ੍ਹਾਂ, ਇਨ੍ਹਾਂ ਸਿਹਤ ਸਹੂਲਤਾਂ 'ਤੇ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀ ਸੀ ਟੀ ਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰਕੇ ਹਨੇਰੇ ਕੋਨਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ।

     ਇਸ ਤੋਂ ਇਲਾਵਾ ਇਹ ਫੈਸਲਾ ਕੀਤਾ ਗਿਆ ਹੈ ਕਿ ਜ਼ਿਆਦਾ  ਚੱਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਆਈ ਪੀ ਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ ਇੱਕ ਵਿਅਕਤੀ ਨੂੰ ਆਈ ਪੀ ਡੀ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਅਤੇ ਬਾਕੀ ਸੇਵਾਦਾਰ ਆਈ ਪੀ ਡੀ ਖੇਤਰ ਦੇ ਬਾਹਰ ਉਡੀਕ ਕਰ ਸਕਦੇ ਹਨ। 

      ਉਨ੍ਹਾਂ ਕਿਹਾ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008’ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਸਾਰੀਆਂ ਸਿਹਤ ਸਹੂਲਤਾਂ ਚ ਐਕਟ ਦੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਇੱਕ ਡਿਸਪਲੇ ਬੋਰਡ ਲਗਾਇਆ ਜਾਵੇ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨਾਂ ਦੇ ਸੰਪਰਕ ਨੰਬਰ ਹੋਣ।

       ਉਨ੍ਹਾਂ ਅੱਗੇ ਕਿਹਾ ਕਿ ਰਾਤ ਦੀਆਂ ਡਿਊਟੀਆਂ ਦੌਰਾਨ ਹਸਪਤਾਲ ਦੇ ਵੱਖ-ਵੱਖ ਖੇਤਰਾਂ ਵਿੱਚ ਡਾਕਟਰਾਂ/ਨਰਸਾਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਜ਼ਿਆਦਾ ਚੱਲਣ ਵਾਲੇ ਸਾਰੇ ਹਸਪਤਾਲਾਂ ਵਿੱਚ ਨਿਯਮਤ ਸੁਰੱਖਿਆ ਗਸ਼ਤ ਕੀਤੀ ਜਾਵੇਗੀ। ਐਮਰਜੈਂਸੀ ਦੀ ਸਥਿਤੀ ਵਿੱਚ, ਹੈਲਥ ਕੇਅਰ ਸਟਾਫ ਨੂੰ ‘112' ਹੈਲਪਲਾਈਨ 'ਤੇ ਡਾਇਲ ਕਰਨਾ ਚਾਹੀਦਾ ਹੈ। ਕਿਸੇ ਵੀ ਸ਼ੱਕੀ ਵਿਅਕਤੀ ਦੀ ਆਵਾਜਾਈ ਨੂੰ ਰੋਕਣ ਲਈ ਹਸਪਤਾਲਾਂ ਦੇ ਸਾਰੇ ਸਟਾਫ਼ ਮੈਂਬਰਾਂ ਨੂੰ ਫੋਟੋ ਆਈ ਡੀ ਕਾਰਡ ਜਾਰੀ ਕੀਤੇ ਜਾਣਗੇ। ਹਰੇਕ ਸਟਾਫ ਨੂੰ ਕੰਮ ਦੇ ਸਮੇਂ ਦੌਰਾਨ ਲਾਜ਼ਮੀ ਤੌਰ 'ਤੇ ਆਈਡੀ ਕਾਰਡ ਪਹਿਨਣਾ ਚਾਹੀਦਾ ਹੈ। ਡੀ ਸੀ ਜੈਨ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਬੋਰਡ ਦੀ ਮਹੀਨਾਵਾਰ ਮੀਟਿੰਗ ਹੋਵੇਗੀ।

      ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਪਿਛਲੇ ਦਿਨਾਂ ਵਿੱਚ ਨਿੱਜੀ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਸੀ ਅਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਦਿਨ ਦੀ ਗਸ਼ਤ ਤੋਂ ਇਲਾਵਾ 10 ਅਹਿਮ ਥਾਵਾਂ 'ਤੇ ਰਾਤ ਦੀ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ। 

      ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ਡਾਇਲ ਕਰਨ ਜਦੋਂ ਉਹ ਆਪਣੇ ਆਪ  ਨੂੰ ਖ਼ਤਰੇ ਵਿੱਚ ਮਹਿਸੂਸ ਕਰਨ। ਐਸ ਐਸ ਪੀ ਨੇ ਸਮੂਹ ਐਸ ਐਮ ਓਜ਼ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਇੱਕ ਵਾਰ ਸੀ ਸੀ ਟੀ ਵੀ ਦੇ ਕੰਮਕਾਜ ਦੀ ਨਿਗਰਾਨੀ ਕਰਦੇ ਰਹਿਣ। 

      ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਸਪਤਾਲਾਂ ਅਤੇ ਹੋਰ ਸੰਸਥਾਵਾਂ ਜਿੱਥੇ ਮਹਿਲਾ ਸਟਾਫ਼ ਹੈ, ਵਿੱਚ ਜਿਨਸੀ ਸ਼ੋਸ਼ਣ ਸਬੰਧੀ 5 ਮੈਂਬਰੀ ਅੰਦਰੂਨੀ ਕਮੇਟੀ ਦਾ ਗਠਨ ਕਰਕੇ ਮਹਿਲਾ ਸਟਾਫ਼ ਦੇ ਹਿੱਤਾਂ ਦੀ ਰਾਖੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

       ਮੀਟਿੰਗ ਵਿੱਚ ਏ ਡੀ ਸੀ (ਡੀ) ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਣੂ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ (ਏ ਆਈ ਐਮ ਐਸ ਮੁਹਾਲੀ) ਡਾ. ਭਵਨੀਤ ਭਾਰਤੀ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਐਸ ਡੀ ਐਮਜ਼ ਅਤੇ ਐਸ ਐਮ ਓਜ਼ ਵੀ ਹਾਜ਼ਰ ਸਨ।

No comments:


Wikipedia

Search results

Powered By Blogger