ਐਸ.ਏ.ਐਸ.ਨਗਰ, 05 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ- ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਦੌਰਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਦੇ 133 ਕੇਸਾਂ ਨੂੰ ਇਸ ਵਾਰ ਜ਼ੀਰੋ ‘ਤੇ ਲਿਆਉਣ ਲਈ ਤਾਇਨਾਤ ਕੀਤੇ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਅਫ਼ਸਰਾਂ ਦੀ ਸਾਂਝੀ ਮੀਟਿੰਗ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 1.25 ਲੱਖ ਮੀਟਰਿਕ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੇ ਮੁਕਾਬਲੇ ਸਾਡੇ ਕੋਲ ਉਪਲਬਧ ਉਦਯੋਗਿਕ ਬਾਇਲਰਾਂ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦੀ 2 ਲੱਖ ਮੀਟਰਕ ਟਨ ਖਪਤ ਕਰਨ ਦੀ ਸਮਰੱਥਾ ਹੈ। ਇਸ ਦੇ ਬਾਵਜੂਦ, ਸਾਨੂੰ ਹਰ ਸਾਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ, ਮੁੱਖ ਖੇਤੀਬਾੜੀ ਅਫ਼ਸਰ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਸਮੇਤ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦਾ ਪ੍ਰਬੰਧਨ ਤਾਲਮੇਲ ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਨਾਲ ਕਰਕੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਨਿਪਟਾਉਣ ਨੂੰ ਤਰਜੀਹ ਦੇਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਨੋਡਲ ਅਫ਼ਸਰ (ਹਰੇਕ ਪਿੰਡ ਲਈ) ਅਤੇ ਕਲੱਸਟਰ ਅਫ਼ਸਰ (ਹਰੇਕ 15 ਪਿੰਡਾਂ ਦੇ ਸਮੂਹ ‘ਤੇ) ਨੂੰ ਪਿੰਡਾਂ ਵਿੱਚ ਤਾਇਨਾਤ ਕਰਨ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਉਪਲਬਧ ਮਸ਼ੀਨਰੀ ਨਾਲ ਉਨ੍ਹਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।
ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ 'ਤੇ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਪ੍ਰਬੰਧਨ ਕਰਨ ਦਾ ਵਿਕਲਪ ਦਿੱਤਾ ਜਾਵੇ।
ਉਨ੍ਹਾਂ ਆਪਣੇ ਪੁਲਿਸ ਹਮਰੁਤਬਾ, ਐਸ ਐਸ ਪੀ ਦੀਪਕ ਪਾਰੀਕ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਐਸ ਐਚ ਓਜ਼ ਦੀ ਮਦਦ ਨਾਲ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਅਤੇ ਲੋਕਾਂ ਨੂੰ ਸੁਪਰੀਮ ਕੋਰਟ ਅਤੇ ਐਨ ਜੀ ਟੀ ਦੁਆਰਾ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਤੋਂ ਸੁਚੇਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਪ੍ਰਬੰਧਨ ਕਰਨ ਲਈ ਪੂਰੀ ਯੋਜਨਾ ਤਿਆਰ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਰੀ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਨ।
ਡੀ ਸੀ ਨੇ ਐਸ.ਡੀ.ਐਮ ਡੇਰਾਬੱਸੀ ਨੂੰ ਇਲਾਕੇ ਦਾ ਵਿਸ਼ੇਸ਼ ਧਿਆਨ ਕਰਨ ਲਈ ਕਿਹਾ ਕਿਉਂਕਿ ਡੇਰਾਬੱਸੀ ਦੇ ਉਨ੍ਹਾਂ ਖੇਤਰਾਂ ਵਿੱਚ ਵਾਢੀ ਦੇ ਅਗੇਤੇ ਸੀਜ਼ਨ ਅੱਗ ਲੱਗਣ ਦੀ ਸੰਭਾਵਨਾ ਹੁੰਦੀ ਹੈ ਜਿੱਥੇ ਕਿਸਾਨਾਂ ਵੱਲੋਂ ਆਲੂ ਦੀ ਫ਼ਸਲ ਬੀਜੀ ਜਾਣੀ ਹੁੰਦੀ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ ਐਸ ਪੀ ਦੀਪਕ ਪਾਰੀਕ ਨੇ ਮੀਟਿੰਗ ਵਿੱਚ ਹਾਜ਼ਰ ਐਸ ਪੀ (ਦਿਹਾਤੀ) ਅਤੇ ਡੀ ਐਸ ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਸੁਪਰੀਮ ਕੋਰਟ ਅਤੇ ਐਨ ਜੀ ਟੀ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ‘ਤੇ ਲਿਆਉਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਡੀ.ਐਸ.ਪੀਜ਼ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਲਈ ਆਪੋ-ਆਪਣੀਆਂ ਸਬ-ਡਵੀਜ਼ਨਾਂ ਦੇ ਸਿਵਲ ਅਧਿਕਾਰੀਆਂ ਦਾ ਸਹਿਯੋਗ ਕਰਨ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਡਾ. ਹਿਮਾਂਸ਼ੂ ਗੁਪਤਾ (ਡੇਰਾਬੱਸੀ), ਦੀਪਾਂਕਰ ਗਰਗ (ਮੁਹਾਲੀ) ਅਤੇ ਗੁਰਮੰਦਰ ਸਿੰਘ (ਖਰੜ) ਤੋਂ ਇਲਾਵਾ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀ ਐਸ ਪੀ ਜ਼ੀਰਕਪੁਰ ਜਸਪਿੰਦਰ ਸਿੰਘ, ਏ ਐਸ ਪੀ ਡੇਰਾਬੱਸੀ ਜੈਅੰਤ ਪੁਰੀ, ਡੀ ਐਸ ਪੀ (ਐਚ) ਰਾਜੇਸ਼ ਹਸਤੀਰ, ਐਸ ਐਚ ਓ ਬਨੂੜ ਗੁਰਸੇਵਕ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਪੀ ਪੀ ਸੀ ਬੀ ਰਣਤੇਜ ਸ਼ਰਮਾ ਅਤੇ ਹੋਰ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
No comments:
Post a Comment