ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵੱਖ-ਵੱਖ ਸਕੂਲਾਂ ਵਿਚ ਵਿਚ ਵੱਖ-ਵੱਖ ਕਿਸਮ ਦੇ ਦਰਖਤਾਂ ਦੇ ਬੂਟੇ ਲਗਾਏ ਜਾ ਰਹੇ ਹਨ।
ਇਸ ਮੁਹਿੰਮ ਤਹਿਤ ਸਿ਼ਵਾਲਿਕ ਪਬਲਿਕ ਸਕੂਲ, ਸੈਕਟਰ-78, ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ ਮਿਲਖ, ਸਰਕਾਰੀ ਪ੍ਰਾਇਮਰੀ ਸਕੂਲ ਮੁੱਲਾਂਪੁਰ-2, ਐਮ.ਐਲ.ਪੁਰੀ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਸਤਗੜ੍ਹ ਵਿਖੇ ਵੱਖ-ਵੱਖ ਕਿਸਮਾਂ ਦੇ 10-10 ਬੂਟੇ ਲਗਾਏ ਗਏ।
ਇਸ ਮੌਕੇ ਤੇ ਐਮ.ਐਲ.ਪੁਰੀ ਸਕੂਲ ਆਫ਼ ਐਮੀਨੈਂਸ, ਮੁੱਲਾਂਪੁਰ ਗਰੀਬਦਾਸ ਵਿਖੇ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
No comments:
Post a Comment