ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਅਕਤੂਬਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਕਮਿਸ਼ਨ ਦਾ ਸ਼ਿਕਾਇਤ ਨੰਬਰ ਉਪਲਬਧ ਨਾ ਹੋਣ ਦੀ ਸੂਰਤ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਮਾਜਰੀ ਦੇ ਪਿੰਡ ਕਰਤਾਰਪੁਰ ਦੇ ਆਂਗਣਵਾੜੀ ਸੈਂਟਰ ਦੇ ਅੰਦਰਲੇ ਰਸਤੇ ਵਿੱਚ ਉੱਚੀਆਂ-ਉੱਚੀਆਂ ਜੰਗਲੀ ਬੂਟੀਆਂ ਦੇਖ ਕੇ ਚਿੰਤਾ ਜ਼ਾਹਰ ਕੀਤੀ ਕਿ ਇੱਥੇ ਛੋਟੇ ਬੱਚੇ ਆਉਂਦੇ ਹਨ ਅਤੇ ਕੋਈ ਵੀ ਸੱਪ ਜਾਂ ਕੀੜਾ ਬੱਚਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਂਗਣਵਾੜੀ ਹੈਲਪਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਸਬੰਧਤ ਅਧਿਕਾਰੀ ਅਤੇ ਪਿੰਡ ਦੀ ਪੰਚਾਇਤ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਅਜੇ ਤੱਕ ਸਫ਼ਾਈ ਨਹੀਂ ਹੋਈ। ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਸਬੰਧਤ ਵਿਭਾਗ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਪਿੰਡ ਕਰਤਾਰਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਿੰਡ ਕੰਸਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਰਕਾਰੀ ਮਿਡਲ ਸਕੂਲ ਅਤੇ ਆਂਗਣਵਾੜੀ ਸੈਂਟਰ, ਪਿੰਡ ਬੂਥਗੜ੍ਹ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ, ਪਿੰਡ ਮਾਣਕਪੁਰ ਸ਼ਰੀਫ਼ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ ਦਾ ਦੌਰਾ ਕੀਤਾ।
ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਕੂਲਾਂ ਵਿੱਚ ਮਿਡ-ਡੇ-ਮੀਲ ਫੂਡ ਸਵਾਦ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਸਬੰਧੀ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖੁਦ ਮਿਡ-ਡੇ-ਮੀਲ ਵੀ ਖਾਧਾ। ਕਮਿਸ਼ਨ ਦੇ ਮੈਂਬਰ ਨੇ ਹਦਾਇਤ ਕੀਤੀ ਕਿ ਸਕੂਲ ਵਿੱਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਕਮਿਸ਼ਨ ਨੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ।
ਦੌਰੇ ਦੌਰਾਨ ਕਮਿਸ਼ਨ ਮੈਂਬਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
No comments:
Post a Comment