ਡਿਪਟੀ ਕਮਿਸ਼ਨਰ ਦੀ ਹਦਾਇਤ ਤੇ ਐੱਸ ਡੀ ਐਮ ਦੀ ਅਗਵਾਈ ਵਿੱਚ ਪ੍ਰਸ਼ਾਸਨਿਕ ਟੀਮ ਵੱਲੋਂ ਸਕੂਲ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਐੱਸ ਏ ਐੱਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਰਕਾਰੀ ਹਾਈ ਸਕੂਲ, ਫੇਜ਼-5, ਐਸ.ਏ.ਐਸ. ਨਗਰ ਦੀ ਪਹਿਲੀ ਮੰਜ਼ਿਲ ਦੇ ਚੱਲ ਰਹੇ ਉਸਾਰੀ ਕੰਮ ਵਿੱਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਅਤੇ ਖਾਮੀਆਂ ਸਾਹਮਣੇ ਆਈਆਂ ਹਨ। ਇਹ ਅਸੁਰੱਖਿਅਤ ਉਸਾਰੀ ਵਿਦਿਆਰਥੀਆਂ ਅਤੇ ਸਟਾਫ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਹੀ ਹੈ। ਵਿਧਾਇਕ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਇਸ ਮਾਮਲੇ ਵਿੱਚ ਆਪਣੀ ਗੰਭੀਰ ਚਿੰਤਾ ਉਜਾਗਰ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਸਾਰੀ ਅਧੀਨ ਇਮਾਰਤ ਵਿੱਚ ਗੰਭੀਰ ਖਾਮੀਆਂ ਹਨ, ਜਿਹਨਾਂ ਨਾਲ ਪੁਰਾਣੇ ਗਰਾਊਂਡ ਫਲੋਰ ਨੂੰ ਨੁਕਸਾਨ ਹੋ ਸਕਦਾ ਹੈ। ਉਹਨਾਂ ਕਿਹਾ ਕਿ ਸੁਰੱਖਿਆ ਨੂੰ ਵੱਡਾ ਜੋਖਮ ਹੈ ਅਤੇ ਬਿਨਾਂ ਜ਼ਰੂਰੀ ਚੈਕਿੰਗ ਦੇ, ਇਹ ਕੰਮ ਕਦੇ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ। ਉਹਨਾਂ ਕਿਹਾ ਕਿ ਨਿਰਧਾਰਤ ਨਿਯਮਾਂ ਅਨੁਸਾਰ ਕੰਮ ਨਾ ਹੋਣ ਕਾਰਨ ਜੋਖਮ ਵੱਧ ਗਿਆ ਹੈ।
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਅਸੁਰੱਖਿਅਤ ਇਮਾਰਤ ਦੇ ਹਿੱਸੇ ਨੂੰ ਤੁਰੰਤ ਘੇਰਾਬੰਦੀ ਕਰਕੇ ਹਾਦਸਿਆਂ ਤੋਂ ਬਚਾਉਣ, ਉਸਾਰੀ ਅਧੀਨ ਅਤੇ ਪੁਰਾਣੀ ਇਮਾਰਤ ਦੀ ਸੁਰੱਖਿਆ ਜਾਂਚ ਕਰਨ, ਉਸਾਰੀ ਕੰਮ ਨਿਰਧਾਰਤ ਨਿਯਮਾਂ ਅਨੁਸਾਰ ਹੀ ਕੀਤੇ ਜਾਣ ਲਈ ਕਦਮ ਚੁੱਕਣ ਲਈ ਕਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲਾਂ ਦੀ ਸੁਰੱਖਿਆ ਸਬੰਧੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਉਹਨਾਂ ਕਿਹਾ ਕਿ ਇਸ ਘਟਨਾ ਨੇ ਸਕੂਲਾਂ ਦੀਆਂ ਇਮਾਰਤਾਂ ਵਿੱਚ ਸੁਰੱਖਿਆ ਦੇ ਮਿਆਰ ਉਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਕੇ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ਹੈ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਮਾਮਲਾ ਧਿਆਨ ਵਿਚ ਆਉਣ ਤੇ ਤੁਰੰਤ ਐੱਸ ਡੀ ਐੱਮ ਮੋਹਾਲੀ ਦਮਨਦੀਪ ਕੌਰ ਦੀ ਅਗਵਾਈ ਵਿੱਚ ਇੱਕ ਪ੍ਰਸ਼ਾਸਨਿਕ ਟੀਮ ਨੂੰ ਮੌਕੇ ਦਾ ਮੁਆਇਨਾ ਕਰਨ ਲਈ ਭੇਜਿਆ। ਇਸ ਟੀਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਵੀ ਮੌਜੂਦ ਸਨ।
ਐੱਸ ਡੀ ਐਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਸ ਉਸਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਅਹਿਮੀਅਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੌਕੇ ਤੇ ਹੀ ਵਿਧਾਇਕ ਵੱਲੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਾਹਿਰ ਚਿੰਤਾਵਾਂ ਤੇ ਢੁਕਵੀਂ ਕਰਵਾਈ ਕਰਨ ਅਤੇ ਇਮਾਰਤ ਦੀ ਉਸਾਰੀ ਵਿਚਲੀਆਂ ਖਾਮੀਆਂ ਤੇ ਤੁਰੰਤ ਧਿਆਨ ਦੇਣ ਲਈ ਕਿਹਾ ਗਿਆ ਹੈ।
No comments:
Post a Comment