ਨਵੇਂ ਸਾਲ ਦੇ ਪਹਿਲੇ ਦਿਨ ਮੋਹਾਲੀ ਵੇਰਕਾ ਪਲਾਂਟ ਦਾ ਦੌਰਾ ਕੀਤਾ
ਐਸ.ਏ.ਐਸ.ਨਗਰ, 01 ਜਨਵਰੀ : ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 10 ਵੱਡੇ ਵੇਰਕਾ ਮਿਲਕ ਪਲਾਂਟਾਂ ਦੇ ਬਾਹਰ ਮੌਜੂਦਾ ਵੇਰਕਾ ਆਊਟਲੇਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਡੇਟ ਕਰਨ 'ਤੇ ਕੰਮ ਕਰ ਰਹੀ ਹੈ।
ਨਵੇਂ ਸਾਲ ਦੇ ਪਹਿਲੇ ਹੀ ਦਿਨ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸ ਮੁੱਖ ਪਲਾਂਟਾਂ ਦੇ ਬਾਹਰ ਵੇਰਕਾ ਉਤਪਾਦਾਂ ਦੀ ਵਿੱਕਰੀ ਕਰਨ ਵਾਲੇ ਮੌਜੂਦਾ ਆਉਟਲੈਟਾਂ ਨੂੰ ਆਧੁਨਿਕ ਵਿੱਚ ਬਦਲਣਾ ਲਈ ਤਜਵੀਜ਼ਾਂ ਮੰਗੀਆਂ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੇਰਕਾ ਆਊਟਲੈਟਸ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਵਿੱਚ ਵੇਰਕਾ ਮਿਲਕ ਪਲਾਂਟਾਂ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਵੱਲ ਵੀ ਧਿਆਨ ਦੇ ਰਹੀ ਹੈ। ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਮੋਹਾਲੀ ਵੇਰਕਾ ਪਲਾਂਟ ਦੀ ਸਮਰੱਥਾ ਨੂੰ ਵਧਾਉਣ ਲਈ 325 ਕਰੋੜ ਰੁਪਏ ਦੀ ਲਾਗਤ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ, ਅੰਮ੍ਰਿਤਸਰ ਅਤੇ ਜਲੰਧਰ ਪਲਾਂਟਾਂ ਦਾ ਵੀ 80-80 ਕਰੋੜ ਤੋਂ ਵੱਧ ਦੀ ਲਾਗਤ ਨਾਲ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਗਿਆ ਹੈ। ਇਸੇ ਤਰ੍ਹਾਂ ਮਿਲਕਫੈੱਡ ਦੇ ਦੋਵੇਂ ਫੀਡ ਪਲਾਂਟ ਵੀ ਬੁਨਿਆਦੀ ਢਾਂਚਾ ਅੱਪ-ਗ੍ਰੇਡੇਸ਼ਨ ਅਧੀਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੇਰਕਾ ਵੱਲੋਂ ਮੁਕੰਮਲ ਕੀਤੇ 160 ਕਰੋੜ ਦੇ ਪ੍ਰਾਜੈਕਟ ਨੂੰ ਲੋਕ ਅਰਪਣ ਕਰਨ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮਿਲਕਫੈੱਡ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੇ ਦੁੱਧ ਦੀ ਬਿਹਤਰ ਕੀਮਤ ਦੇ ਕੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਮਿਲਕ ਪਲਾਂਟਾਂ 'ਤੇ ਸਟਾਫ ਨੂੰ ਨਿਯੁਕਤ ਕਰਨ ਲਈ, ਉਨ੍ਹਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਤਨਖ਼ਾਹ ਦੇ ਮੌਜੂਦਾ ਢਾਂਚੇ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਮਿਲਕਫੈੱਡ ਦੇ ਐਮਡੀ ਰਾਹੁਲ ਗੁਪਤਾ ਵੀ ਮੌਜੂਦ ਸਨ।
No comments:
Post a Comment