ਤਰਨਤਾਰਨ, 5 ਨਵੰਬਰ : ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਮੂਹ ਧਰਮੀ ਫੌਜੀ ਪਰਿਵਾਰ ਵੈੱਲਫੇਅਰ ਬੋਰਡ ਜੱਥੇਬੰਦੀ ਨੇ 'ਆਪ' ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ। ਇਹ ਫੈਸਲਾ 'ਆਪ' ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਸਰਪ੍ਰਸਤ ਸਵਿੰਦਰ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਆਗੂ ਸ਼ਾਮਲ ਹੋਏ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਮੂਹ ਧਰਮੀ ਫੌਜੀ ਪਰਿਵਾਰਾਂ ਨੂੰ ਦਰਪੇਸ਼ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਧਰਮੀ ਫੌਜੀ ਪਰਿਵਾਰਾਂ ਦੀ ਭਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ 'ਤੇ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕਰ ਦਿੱਤਾ ਜਾਵੇਗਾ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਿਲੇ ਇਸ ਠੋਸ ਭਰੋਸੇ ਤੋਂ ਬਾਅਦ, ਸਮੂਹ ਧਰਮੀ ਫੌਜੀ ਪਰਿਵਾਰ ਵੈੱਲਫੇਅਰ ਬੋਰਡ ਜੱਥੇਬੰਦੀ ਨੇ ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਪੂਰੀ ਤਰ੍ਹਾਂ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਮਾਇਤ ਨਾਲ 'ਆਪ' ਦੀ ਜਿੱਤ ਹੋਰ ਯਕੀਨੀ ਹੋ ਗਈ ਹੈ।


No comments:
Post a Comment